ਬਰਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਹਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ | ਵੱਖ-ਵੱਖ ਸਕੂਲਾਂ ਦੀਆਂ 38 ਵੈਨਾਂ ਦੀ ਕੀਤੀ ਗਈ ਚੈਕਿੰਗ ਵਿਚੋਂ 24 ਸਕੂਲੀ ਵੈਨਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਦੇ ਚਲਾਨ ਕੱਟੇ ਗਏ ਹਨ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵਲੋਂ ਸਮੇਂ-ਸਮੇਂ 'ਤੇ ਸਕੂਲਾਂ ਦੇ ਪਿ੍ੰਸੀਪਲਾਂ ਅਤੇ ਸਕੂਲ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਸੀ.ਸੀ.ਟੀ.ਵੀ ਕੈਮਰਾ, ਖਿੜਕੀ 'ਤੇ ਲੋਹੇ ਦੀ ਗਰਿੱਲ, ਮੁੱਢਲੀ ਸਹਾਇਤਾ ਬਾਕਸ, ਮਹਿਲਾ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ, ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਪਿ੍ੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀਂ ਹੈ | ਸਾਰੀਆਂ ਵੈਨਾਂ ਪ੍ਰਾਈਵੇਟ ਠੇਕੇਦਾਰ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪ੍ਰੰਤੂ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ | ਇਸ ਲਈ ਸਕੂਲ ਮੈਨੇਜਮੈਂਟ ਦੀ ਇਹ ਨਿੱਜੀ ਜ਼ਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਢੁਕਵਾਂ ਬਣਾਉਣ | ਉਨ੍ਹਾਂ ਕਿਹਾ ਕਿ ਟੀਮ ਵਲੋਂ ਵਾਰ ਵਾਰ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵਲੋਂ ਨਿਯਮਾਂ ਦੀ ਪਾਲਣ ਨਹੀਂ ਕੀਤੀ ਜਾ ਰਹੀ ਜਿਸ 'ਤੇ ਹੁਣ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਲੱਖਾ ਸਿੰਘ, ਹਰਪਾਲ ਸਿੰਘ, ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਏ.ਐਸ.ਆਈ ਗੁਰਚਰਨ ਸਿੰਘ (ਟਰੈਫ਼ਿਕ ਐਜੂਕੇਸ਼ਨ ਸੈਲ ਬਰਨਾਲਾ), ਰਮਨਦੀਪ ਸਿੰਘ, ਮਨਿੰਦਰ ਕੁਮਾਰ ਚੈਕਿੰਗ ਟੀਮ ਵਿਚ ਸ਼ਾਮਿਲ ਸਨ |