ਬਰਨਾਲਾ, 20 ਦਸੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਸੀਤ ਲਹਿਰ ਅਤੇ ਧੁੰਦ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ | ਜਾਣਕਾਰੀ ਦਿੰਦਿਆਂ ਇੰਚਾ: ਸਿਵਲ ਸਰਜਨ ਬਰਨਾਲਾ ਡਾ: ਗੁਰਮਿੰਦਰ ਕੌਰ ਅÏਜਲਾ ਨੇ ਕਿਹਾ ਕਿ ਸਰਦੀ ਦੇ ਮੌਸਮ 'ਚ ਸੀਤ ਲਹਿਰ ਕਾਰਨ ਬਜ਼ੁਰਗ, ਗਰਭਵਤੀ ਅÏਰਤਾਂ, ਛੋਟੇ ਬੱਚੇ, ਜ਼ਿਆਦਾ ਸਮੇਂ ਤੋਂ ਬਿਮਾਰ ਵਿਅਕਤੀ ਵੱਧ ਪ੍ਰਭਾਵਿਤ ਹੁੰਦੇ ਹਨ | ਉਨ੍ਹਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰ ਖ਼ਤਰੇ ਦਾ ਕਾਰਨ ਬਣ ਸਕਦਾ ਹੈ | ਜ਼ਿਲ੍ਹਾ ਐਪੀਡਿਮਾਲੋਜਿਸਟ ਡਾ: ਮੁਨੀਸ਼ ਕੁਮਾਰ ਨੇ ਦੱਸਿਆ ਕਿ ਸਵੇਰ ਅਤੇ ਦੇਰ ਸ਼ਾਮ ਜਾਂ ਰਾਤ ਨੂੰ ਠੰਢ ਅਤੇ ਸੰਘਣੀ ਧੁੰਦ ਕਾਰਨ ਘਰੋਂ ਬਾਹਰ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਸੰਘਣੀ ਧੁੰਦ ਕਾਰਨ ਵਾਪਰਨ ਵਾਲੇ ਹਾਦਸੇ ਖ਼ਤਰਨਾਕ ਹੋ ਸਕਦੇ ਹਨ | ਘਰਾਂ ਵਿਚ ਬੰਦ ਕਮਰੇ ਵਿਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਿਹਤ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ | ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਛੋਟੇ ਬੱਚੇ ਇਸ ਮੌਸਮ 'ਚ ਜ਼ਿਆਦਾ ਬਿਮਾਰ ਹੁੰਦੇ ਹਨ ਇਸ ਲਈ ਬੱਚਿਆਂ ਨੂੰ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਬੂਟ-ਜ਼ੁਰਾਬਾਂ ਅਤੇ ਸਿਰ 'ਤੇ ਟੋਪੀ ਪਾਉਣੀ ਚਾਹੀਦੀ ਹੈ | ਬਜ਼ੁਰਗ, ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਜ਼ਿਆਦਾ ਠੰਢ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖ਼ੁਰਾਕ ਵਿਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫ਼ੀ, ਸੰਤੁਲਿਤ ਖ਼ੁਰਾਕ ਦਾ ਸੇਵਨ ਕਰਨ | ਸਰੀਰ ਵਿਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ੍ਹ-ਥੋੜੇ੍ਹ ਸਮੇਂ ਬਾਅਦ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ | ਇਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਆਦਿ ਹਾਜ਼ਰ ਸਨ |