ਬਰਨਾਲਾ, 23 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੂੰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਵਲੋਂ ਅਕਤੂਬਰ ਮਹੀਨੇ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ | ਲੇਕਿਨ ਚੇਅਰਮੈਨ ਭੰਗੂ ਦੇ ਅਸਤੀਫ਼ਾ ਦੇਣ ਦੇ 2 ਮਹੀਨਿਆਂ ਬਾਅਦ ਵੀ ਪੰਜਾਬ ਸਰਕਾਰ ਵਲੋਂ ਅਜੇ ਤੱਕ ਨਾ ਤਾਂ ਕਿਸੇ ਹੋਰ ਆਗੂ ਦੀ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ ਅਤੇ ਨਾ ਹੀ ਕਿਸੇ ਅਧਿਕਾਰੀ ਨੂੰ ਮਾਰਕੀਟ ਕਮੇਟੀ ਦਾ ਕੰਮਕਾਰ ਚਲਾਉਣ ਲਈ ਅਧਿਕਾਰਤ ਕੀਤਾ ਗਿਆ ਹੈ | ਜਿਸ ਨਾਲ ਨਾ ਕੇਵਲ ਮਾਰਕੀਟ ਕਮੇਟੀ ਦੇ ਵਿਭਾਗੀ ਬਲਕਿ ਜਨਤਕ ਅਤੇ ਵਿਕਾਸ ਕਾਰਜ ਵੀ ਪ੍ਰਭਾਵਿਤ ਹੋ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਚੇਅਰਮੈਨ ਵਲੋਂ ਅਸਤੀਫ਼ਾ ਦੇਣ ਕਾਰਨ ਕਮੇਟੀ ਦੇ ਬਹੁਤ ਜ਼ਰੂਰੀ ਕੰਮ ਪੈਂਡਿੰਗ ਪਏ ਹਨ, ਜਿਨ੍ਹਾਂ ਨੂੰ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨੇਪਰੇ ਨਹੀਂ ਚਾੜਿ੍ਹਆ ਜਾ ਸਕਦਾ ਅਤੇ ਮਾਰਕੀਟ ਕਮੇਟੀ ਦੀ ਪਿਛਲੇ ਦੋ ਮਹੀਨਿਆਂ ਤੋਂ ਮੀਟਿੰਗ ਵੀ ਨਹੀਂ ਹੋਈ ਹੈ | ਜ਼ਿਕਰਯੋਗ ਹੈ ਕਿ ਮਾਰਕੀਟ ਕਮੇਟੀ ਦੀ ਮੀਟਿੰਗ ਵਿਚ ਚੇਅਰਮੈਨ ਜਾਂ ਸਰਕਾਰ ਦੁਆਰਾ ਨਿਯੁਕਤ ਕੀਤੇ ਗਏ ਪ੍ਰਸ਼ਾਸਕ ਵਲੋਂ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਵਿਚ ਵਿਕਾਸ ਕਾਰਜ ਕਰਵਾਉਣ ਲਈ ਫ਼ੰਡਾਂ ਨੂੰ ਮਨਜ਼ੂਰੀ ਦੇਣੀ ਹੁੰਦੀ ਹੈ | ਇਸ ਤੋਂ ਇਲਾਵਾ ਖੇਤੀਬਾੜੀ ਕਰਦੇ ਦੌਰਾਨ ਹਾਦਸਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ ਮੁਆਵਜ਼ਾ ਰਾਸ਼ੀ ਦੇ ਫ਼ੰਡ ਵੀ ਮੀਟਿੰਗ ਵਿਚ ਪ੍ਰਵਾਨ ਕੀਤੇ ਜਾਂਦੇ ਹਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਦਿੱਤੇ ਜਾਂਦੇ ਹਨ | ਪਰ ਹੁਣ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਵਲੋਂ ਮਾਰਕੀਟ ਕਮੇਟੀ ਬਰਨਾਲਾ ਦਾ ਨਵਾਂ ਚੇਅਰਮੈਨ ਲਾਉਣ ਜਾਂ ਕਿਸੇ ਉੱਚ ਅਧਿਕਾਰੀ ਨੂੰ ਪ੍ਰਸ਼ਾਸਕ ਨਿਯੁਕਤ ਕਰਨ ਵੱਲ ਧਿਆਨ ਨਾ ਦੇਣ ਕਾਰਨ ਸਾਰੇ ਕੰਮ ਹੀ ਕਾਫ਼ੀ ਪ੍ਰਭਾਵਿਤ ਹੋ ਰਹੇ ਹਨ | ਸੋ ਦੇਖਣਯੋਗ ਹੋਵੇਗਾ ਕਿ ਮਾਰਕੀਟ ਕਮੇਟੀ ਬਰਨਾਲਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਜਾਂ ਪੰਜਾਬ ਮੰਡੀ ਬੋਰਡ ਵਲੋਂ ਕਦੋਂ ਤੱਕ ਬਦਲਵੇਂ ਪ੍ਰਬੰਧ ਕੀਤੇ ਜਾਂਦੇ ਹਨ | ਜਦੋਂ ਇਸ ਸਬੰਧੀ ਮਾਰਕੀਟ ਕਮੇਟੀ ਬਰਨਾਲਾ ਦੇ ਸਕੱਤਰ ਕੁਲਵਿੰਦਰ ਸਿੰਘ ਭੁੱਲਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਕਈ ਵਾਰ ਲਿਖਤੀ ਰੂਪ ਵਿਚ ਭੇਜਿਆ ਗਿਆ ਹੈ ਕਿ ਮਾਰਕੀਟ ਕਮੇਟੀ ਦਾ ਕੰਮ ਚਲਾਉਣ ਲਈ ਕਿਸੇ ਅਧਿਕਾਰੀ ਨੂੰ ਅਧਿਕਾਰਤ ਕੀਤਾ ਜਾਵੇ ਪਰ ਅੱਜ ਤੱਕ ਕਿਸੇ ਵੀ ਅਧਿਕਾਰੀ ਨੂੰ ਇਹ ਜੁੰਮੇਵਾਰੀ ਨਹੀਂ ਸੌਂਪੀ ਗਈ |