ਦੇਸ਼ ਵਿਚ ਸਿੱਖ ਪੰਥ ਨੂੰ ਇਸ ਸਮੇਂ ਰਾਜਨੀਤਕ, ਧਾਰਮਿਕ ਤੇ ਸਮਾਜਿਕ ਤੌਰ 'ਤੇ ਅਨੇਕਾਂ ਪ੍ਰਕਾਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਚੁਣੌਤੀਆਂ ਦੀ ਨਿਸ਼ਾਨਦੇਹੀ ਕਰਨਾ ਅਤੇ ਫਿਰ ਭਾਈਚਾਰੇ ਅੰਦਰ ਲੋਕਤੰਤਰਿਕ ਢੰਗ ਨਾਲ ਉਨ੍ਹਾਂ ਚੁਣੌਤੀਆਂ ਬਾਰੇ ਚਰਚਾ ਕਰ ਕੇ ਉਨ੍ਹਾਂ ਦੇ ਹੱਲ ਲੱਭਣੇ, ਇਸ ਸਮੇਂ ਸਿੱਖ ਪੰਥ ਨਾਲ ਸੰਬੰਧਿਤ ਸਾਰੀਆਂ ਧਿਰਾਂ ਦਾ ਮੁੱਖ ਸਰੋਕਾਰ ਹੋਣਾ ਚਾਹੀਦਾ ਹੈ। ਪਰ ਇਹ ਸਭ ਕੁਝ ਤਾਂ ਹੀ ਹੋ ਸਕਦਾ ਹੈ, ਜੇਕਰ ਸਿੱਖ ਪੰਥ ਆਪਣੇ ਮਸਲਿਆਂ ਬਾਰੇ ਜਾਗਰੂਕ ਹੋਵੇ ਅਤੇ ਉਨ੍ਹਾਂ ਦੇ ਹੱਲ ਲੱਭਣ ਲਈ ਵੀ ਤੱਤਪਰ ਹੋਵੇ। ਅਜਿਹੇ ਅਮਲ ਨੂੰ ਅੱਗੇ ਵਧਾਉਣ ਲਈ ਸਿੱਖ ਪੰਥ ਨਾਲ ਸੰਬੰਧਿਤ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਦੇ ਦਰਮਿਆਨ ਉਸਾਰੂ ਸੰਵਾਦ ਹੋਣਾ ਵੀ ਬੇਹੱਦ ਜ਼ਰੂਰੀ ਹੈ। ਪਰ ਇਸ ਸਮੇਂ ਦੀ ਸਿੱਖ ਪੰਥ ਦੀ ਸਥਿਤੀ ਇਹ ਹੈ ਕਿ ਇਸ ਦੀਆਂ ਰਾਜਨੀਤਕ ਜਥੇਬੰਦੀਆਂ ਅਤੇ ਇਸ ਦੀਆਂ ਧਾਰਮਿਕ ਸੰਸਥਾਵਾਂ ਵੀ ਧੜੇਬੰਦੀ ਦਾ ਸ਼ਿਕਾਰ ਹੋ ਚੁੱਕੀਆਂ ਹਨ। ਉਨ੍ਹਾਂ ਦਰਮਿਆਨ ਕੋਈ ਉਸਾਰੂ ਸੰਵਾਦ ਚੱਲਣ ਦੀ ਥਾਂ 'ਤੇ ਨਾਂਹ-ਪੱਖੀ ਸੰਵਾਦ ਚਲਦਾ ਹੈ, ਭਾਵ ਉਨ੍ਹਾਂ ਦਾ ਜ਼ਿਆਦਾ ਸਮਾਂ ਇਕ-ਦੂਜੇ ਦੀ ਆਲੋਚਨਾ ਕਰਨ ਵਿਚ ਹੀ ਬਤੀਤ ਹੁੰਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ, ਨਵੀਂ ਬਣੀ ਹਰਿਆਣਾ ਗੁਰਦੁਆਰਾ ਕਮੇਟੀ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਆਦਿ ਸੰਸਥਾਵਾਂ ਦੇ ਸਿੱਖ ਹਿਤਾਂ ਦੀ ਰਾਖੀ ਅਤੇ ਧਰਮ ਪ੍ਰਚਾਰ ਲਈ ਆਪਸੀ ਅਜਿਹੇ ਸੰਬੰਧ ਨਹੀਂ ਜਿਹੋ ਜਿਹੇ ਹੋਣੇ ਚਾਹੀਦੇ ਹਨ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਰਮਿਆਨ ਵੀ ਬੜਾ ਤਿੱਖਾ ਵਿਵਾਦ ਚੱਲ ਰਿਹਾ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਏ ਕਰਾਰ ਦਿੱਤਾ ਹੋਇਆ ਹੈ।
ਸ਼੍ਰੋਮਣੀ ਕਮੇਟੀ ਵਲੋਂ ਇਕ ਵਫ਼ਦ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਨਾਲ ਗੱਲਬਾਤ ਕਰਨ ਲਈ ਪਟਨਾ ਭੇਜਿਆ ਗਿਆ ਸੀ ਪਰ ਮਾਮਲਾ ਸੁਲਝ ਨਹੀਂ ਸਕਿਆ। ਇਸ ਤੋਂ ਬਾਅਦ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਦੀ ਅਗਵਾਈ ਵਿਚ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ 10 ਜੂਨ ਤੱਕ ਪੇਸ਼ ਹੋਣ ਦਾ ਮੁੜ ਆਦੇਸ਼ ਦੇ ਦਿੱਤਾ। ਦੂਜੇ ਪਾਸੇ ਪੰਥ ਦੀ ਅਹਿਮ ਰਾਜਨੀਤਕ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਵੀ ਇਸ ਸਮੇਂ ਅਨੇਕਾਂ ਧੜਿਆਂ ਵਿਚ ਵੰਡਿਆ ਹੋਇਆ ਹੈ। 2 ਦਸੰਬਰ ਨੂੰ ਸਿੰਘ ਸਾਹਿਬਾਨ ਵਲੋਂ ਅਕਾਲੀ ਦਲ ਨੂੰ ਧੜਿਆਂ ਤੋਂ ਉਭਾਰ ਕੇ ਨਵੀਂ ਭਰਤੀ ਰਾਹੀਂ ਮੁੜ ਉਭਾਰਨ ਦੇ ਕੀਤੇ ਗਏ ਯਤਨ ਵੀ ਸਫ਼ਲ ਨਹੀਂ ਹੋਏ, ਸਗੋਂ ਇਸ ਘਟਨਾਕ੍ਰਮ ਦਾ ਸਿੱਟਾ ਤਿੰਨ ਤਖ਼ਤਾਂ ਦੇ ਜਥੇਦਾਰਾਂ ਦੀ ਤਬਦੀਲੀ ਦੇ ਰੂਪ ਵਿਚ ਨਿਕਲਿਆ, ਜਿਸ ਨਾਲ ਪੰਥਕ ਵਿਵਾਦ ਹੋਰ ਵਧ ਗਿਆ। ਇਸ ਸਭ ਕੁਝ ਦਾ ਸਿੱਟਾ ਇਹ ਨਿਕਲਿਆ ਹੈ ਕਿ ਸਿੱਖ ਪੰਥ ਦੀਆਂ ਰਾਜਨੀਤਕ ਤੇ ਧਾਰਮਿਕ ਦੋਵਾਂ ਤਰ੍ਹਾਂ ਦੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੀ ਲੋਕਾਂ ਵਿਚ ਵਿਸ਼ਵਾਸਯੋਗਤਾ ਬੇਹੱਦ ਘਟ ਗਈ ਹੈ। ਪਰ ਇਸ ਦੇ ਬਾਵਜੂਦ ਸਿੱਖ ਪੰਥ ਦੀ ਰਾਜਨੀਤਕ ਅਤੇ ਧਾਰਮਿਕ ਲੀਡਰਸ਼ਿਪ ਆਪਣੇ ਅੰਦਰ ਝਾਤੀ ਮਾਰਨ ਅਤੇ ਤਿਆਗ ਦੀ ਭਾਵਨਾ ਨਾਲ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਚੱਲਣ ਲਈ ਤਿਆਰ ਨਜ਼ਰ ਨਹੀਂ ਆਉਂਦੀ। ਇਹ ਸਥਿਤੀ ਆਉਣ ਵਾਲੇ ਸਮੇਂ ਵਿਚ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਵਿਚ ਹੋਰ ਵੀ ਵਾਧਾ ਕਰ ਸਕਦੀ ਹੈ। ਇਸ ਸੰਬੰਧੀ ਸਮੂਹ ਪੰਥ ਨੂੰ ਫਿਕਰਮੰਦ ਹੋਣਾ ਚਾਹੀਦਾ ਹੈ।
ਇਸ ਪ੍ਰਸੰਗ ਵਿਚ ਹੀ ਸਿੱਖ ਪੰਥ ਲਈ ਇਕ ਵੱਡੀ ਚਿੰਤਾ ਵਾਲੀ ਗੱਲ ਇਹ ਵੀ ਹੈ ਕਿ 6 ਜੂਨ ਨੂੰ 'ਸਾਕਾ ਨੀਲਾ ਤਾਰਾ' ਦੀ 41ਵੀਂ ਬਰਸੀ ਮਨਾਉਣ ਦੇ ਸੰਬੰਧ ਵਿਚ ਵੀ ਸਿੱਖ ਪੰਥ ਵਿਚ ਗੰਭੀਰ ਮਤਭੇਦ ਉੱਭਰ ਆਏ ਹਨ। ਸਾਕਾ ਨੀਲਾ ਤਾਰਾ ਦੀ ਬਰਸੀ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮਨਾਈ ਜਾਂਦੀ ਹੈ। 1984 ਵਿਚ ਭਾਰਤੀ ਫ਼ੌਜ ਵਲੋਂ ਉਸ ਸਮੇਂ ਦੀ ਸ੍ਰੀਮਤੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ, ਕਾਂਗਰਸ ਪਾਰਟੀ ਦੀ ਕੇਂਦਰੀ ਸਰਕਾਰ ਦੇ ਆਦੇਸ਼ਾਂ 'ਤੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕੀਤਾ ਗਿਆ ਸੀ। ਜਿਸ ਵਿਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਭਾਈ ਅਮਰੀਕ ਸਿੰਘ ਸਮੇਤ ਸੈਂਕੜੇ ਸ਼ਰਧਾਲੂ ਵੀ ਸ਼ਹੀਦ ਹੋ ਗਏ ਸਨ। ਉਨ੍ਹਾਂ ਦੀ ਯਾਦ ਵਿਚ ਹਰ ਸਾਲ ਇਹ ਬਰਸੀ ਮਨਾਈ ਜਾਂਦੀ ਹੈ। ਹਰ ਸਾਲ ਬਰਸੀ ਮਨਾਉਣ ਸਮੇਂ ਸਿੱਖ ਪੰਥ ਦੀਆਂ ਵੱਖ-ਵੱਖ ਧਿਰਾਂ ਵਿਚ ਮਤਭੇਦ ਤਾਂ ਪਹਿਲਾਂ ਵੀ ਉੱਭਰ ਕੇ ਸਾਹਮਣੇ ਆਉਂਦੇ ਰਹੇ ਹਨ, ਜਿਨ੍ਹਾਂ ਨਾਲ ਵੀ ਸਿੱਖ ਪੰਥ ਨਾਲ ਜੁੜੇ ਲੋਕਾਂ ਦੇ ਹਿਰਦਿਆਂ ਨੂੰ ਠੇਸ ਲਗਦੀ ਰਹੀ ਹੈ, ਪਰ ਇਸ ਵਾਰ ਟਕਰਾਅ ਤੇ ਤਣਾਅ ਹੋਰ ਵੀ ਜ਼ਿਆਦਾ ਵਧਣ ਦੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ। ਇਸ ਦਾ ਕਾਰਨ ਇਹ ਹੈ ਕਿ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਨੇ ਕੁਝ ਦਿਨ ਪਹਿਲਾਂ ਚੌਂਕ ਮਹਿਤਾ ਵਿਚ ਪ੍ਰੈੱਸ ਕਾਨਫ਼ਰੰਸ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਅਪੀਲ ਕੀਤੀ ਸੀ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਵਲੋਂ ਕੋਈ ਸੰਦੇਸ਼ ਜਾਰੀ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਨਾ ਹੀ ਸ਼ਹੀਦਾਂ ਦੇ ਪਰਿਵਾਰਾਂ ਦੇ ਉਨ੍ਹਾਂ ਵਲੋਂ ਸਨਮਾਨ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬ ਪ੍ਰਵਾਨਤ ਜਥੇਦਾਰ ਨਹੀਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਕੇ ਕੁਲਦੀਪ ਸਿੰਘ ਗੜਗੱਜ ਹੋਰਾਂ ਨੂੰ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣਾਇਆ ਹੈ, ਉਸ ਸਮੇਂ ਤੋਂ ਹੀ ਦਮਦਮੀ ਟਕਸਾਲ ਉਨ੍ਹਾਂ ਦਾ ਸਿਧਾਂਤਕ ਆਧਾਰ 'ਤੇ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦਮਦਮੀ ਟਕਸਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਸਚਿਤ ਸਮੇਂ ਵਿਚ ਇਹ ਮਸਲਾ ਹੱਲ ਕਰਨ ਲਈ ਕਿਹਾ ਸੀ ਪਰ ਅਜੇ ਤੱਕ ਵੀ ਇਹ ਮਸਲਾ ਨਹੀਂ ਸੁਲਝਾਇਆ ਗਿਆ।
ਹਰਨਾਮ ਸਿੰਘ ਖ਼ਾਲਸਾ ਹੋਰਾਂ ਵਲੋਂ ਇਹ ਬਿਆਨ ਦਿੱਤੇ ਜਾਣ ਤੋਂ ਬਾਅਦ 2 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੂੰ ਲੈ ਕੇ ਚੌਕ ਮਹਿਤਾ ਵਿਚ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਵਿਵਾਦ ਨੂੰ ਸੁਲਝਾਉਣ ਲਈ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਵਿਚਾਰ ਚਰਚਾ ਕੀਤੀ ਹੈ। ਪਰ ਇਸ ਤੋਂ ਬਾਅਦ ਵੀ ਇਹ ਮਸਲਾ ਸੁਲਝਦਾ ਨਜ਼ਰ ਨਹੀਂ ਆ ਰਿਹਾ, ਕਿਉਂਕਿ ਹਰਨਾਮ ਸਿੰਘ ਖ਼ਾਲਸਾ ਆਪਣੇ ਪਹਿਲੇ ਵਿਚਾਰਾਂ 'ਤੇ ਹੀ ਦ੍ਰਿੜ੍ਹ ਨਜ਼ਰ ਆ ਰਹੇ ਹਨ। ਇਸੇ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਪੁੱਤਰਾਂ ਈਸ਼ਰ ਸਿੰਘ ਅਤੇ ਇੰਦਰਜੀਤ ਸਿੰਘ ਹੋਰਾਂ ਨੇ ਵੀ ਇਹ ਐਲਾਨ ਕੀਤਾ ਹੈ ਕਿ ਉਹ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਨਮਾਨ ਹਾਸਿਲ ਨਹੀਂ ਕਰਨਗੇ, ਕਿਉਂਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬ ਪ੍ਰਵਾਨਿਤ ਜਥੇਦਾਰ ਨਹੀਂ ਹਨ। ਇਸ ਨਾਲ ਇਹ ਸੰਕਟ ਹੋਰ ਵੀ ਗੰਭੀਰ ਹੋ ਗਿਆ ਹੈ। ਵੱਖ-ਵੱਖ ਸਿੱਖ ਸ਼ਖ਼ਸੀਅਤਾਂ ਅਤੇ ਪੰਥਕ ਜਥੇਬੰਦੀਆਂ ਵਲੋਂ ਇਸ ਸੰਬੰਧੀ ਚਿੰਤਾ ਪ੍ਰਗਟ ਕਰਦਿਆਂ ਸਾਰੀਆਂ ਸੰਬੰਧਿਤ ਧਿਰਾਂ ਨੂੰ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਕਿ 6 ਜੂਨ ਦਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਣ ਵਾਲਾ ਧਾਰਮਿਕ ਸੰਮੇਲਨ ਪੁਰਅਮਨ ਹੋਣਾ ਚਾਹੀਦਾ ਹੈ। ਕਿਉਂਕਿ ਸਾਕਾ ਨੀਲਾ ਤਾਰਾ ਦਾ ਘਟਨਾਕ੍ਰਮ ਇਕ ਬਹੁਤ ਹੀ ਸੰਵੇਦਨਸ਼ੀਲ ਮਸਲਾ ਹੈ ਅਤੇ ਹਰ ਸਾਲ ਜਦੋਂ ਇਸ ਦੀ ਬਰਸੀ ਆਉਂਦੀ ਹੈ ਤਾਂ ਸਿੱਖ ਹਿਰਦਿਆਂ ਵਿਚ ਇਕ ਵਾਰ ਫਿਰ ਤੋਂ ਕੌੜੀਆਂ ਯਾਦਾਂ ਤਾਜ਼ਾ ਹੋ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਹਿਰਦੇ ਫਿਰ ਤੋਂ ਵਲੂੰਧਰੇ ਜਾਂਦੇ ਹਨ। ਅਜਿਹੇ ਸਮੇਂ ਵਿਚ ਸਿੱਖ ਪੰਥ ਦੀਆਂ ਵੱਖ-ਵੱਖ ਜਥੇਬੰਦੀਆਂ ਜਾਂ ਵੱਖ-ਵੱਖ ਸ਼ਖ਼ਸੀਅਤਾਂ ਵਿਚਕਾਰ ਟਕਰਾਅ ਪੈਦਾ ਹੋਣਾ ਸਿੱਖ ਪੰਥ ਨੂੰ ਹੋਰ ਵੀ ਦੁਖੀ ਕਰਨ ਵਾਲਾ ਅਤੇ ਨਮੋਸ਼ੀ ਦੇਣ ਵਾਲਾ ਸਿੱਧ ਹੋ ਸਕਦਾ ਹੈ।
ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਸੰਬੰਧੀ ਇਕ ਬਿਆਨ ਦੇ ਕੇ ਸ੍ਰੀ ਅਕਾਲ ਤਖ਼ਤ ਦੇ ਮਾਣ-ਸਨਮਾਨ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਗੱਲ ਆਖੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਹੋਰਾਂ ਨੇ ਵੀ ਪਟਿਆਲਾ ਜੇਲ੍ਹ ਵਿਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲ ਕੇ ਇਹ ਕਿਹਾ ਹੈ ਕਿ ਰਾਜੋਆਣਾ ਦੀ ਵੀ ਇਹੀ ਭਾਵਨਾ ਹੈ ਕਿ 6 ਜੂਨ ਦਾ ਸਾਕਾ ਨੀਲਾ ਤਾਰਾ ਦੀ ਬਰਸੀ ਦਾ ਸਮਾਗਮ ਪੁਰਅਮਨ ਢੰਗ ਨਾਲ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਪੰਥ ਮੈਨੂੰ 6 ਜੂਨ ਦੇ ਸਮਾਗਮ ਵਿਚ ਕੋਈ ਵੀ ਕਾਰਵਾਈ ਅਮਲ ਵਿਚ ਨਾ ਲਿਆਉਣ ਲਈ ਕਹੇਗਾ ਤਾਂ ਉਹ ਉਸ ਨੂੰ ਵੀ ਸਵੀਕਾਰ ਕਰਨਗੇ। ਇਸ ਸੰਦਰਭ ਵਿਚ ਸਾਡੀ ਵੀ ਇਹ ਰਾਇ ਹੈ ਕਿ ਸਿੱਖ ਪੰਥ ਨਾਲ ਸੰਬੰਧਿਤ ਸਾਰੀਆਂ ਧਾਰਮਿਕ ਅਤੇ ਰਾਜਨੀਤਕ ਜਥੇਬੰਦੀਆਂ ਨੂੰ 6 ਜੂਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਣ ਵਾਲੇ ਸਮਾਗਮ ਨੂੰ ਪੁਰਅਮਨ ਅਤੇ ਅਨੁਸ਼ਾਸਨਬੱਧ ਰੱਖਣ ਲਈ ਤਿਆਗ ਅਤੇ ਕੁਰਬਾਨੀ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ। ਕਿਸੇ ਵੀ ਜਥੇਬੰਦੀ ਜਾਂ ਕਿਸੇ ਵੀ ਸ਼ਖ਼ਸੀਅਤ ਨੂੰ ਨਿੱਜੀ ਵੱਕਾਰ ਦਾ ਸੁਆਲ ਬਣਾ ਕੇ ਕੋਈ ਵੀ ਅਜਿਹਾ ਕਾਰਜ ਨਹੀਂ ਕਰਨਾ ਚਾਹੀਦਾ, ਜਿਸ ਨਾਲ ਸਿੱਖ ਪੰਥ ਵਿਚ ਟਕਰਾਅ ਅਤੇ ਮੱਤਭੇਦ ਹੋਰ ਵਧਣ ਦੀ ਸੰਭਾਵਨਾ ਬਣਦੀ ਹੋਵੇ।
ਇਸ ਸੰਦਰਭ ਵਿਚ ਪੈਦਾ ਹੋਏ ਮਤਭੇਦਾਂ ਨੂੰ ਘਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਕ ਚੰਗੀ ਪਹਿਲ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਇਸ ਦਿਸ਼ਾ ਵਿਚ ਹੋਰ ਵਧੇਰੇ ਯਤਨ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਸਿੱਖ ਪੰਥ ਦੀਆਂ ਹੋਰ ਜਥੇਬੰਦੀਆਂ ਨਾਲ ਵੀ ਇਸ ਮੁੱਦੇ 'ਤੇ ਚਰਚਾ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਨਾਲ ਵੀ ਫਿਰ ਤੋਂ ਵਿਚਾਰ ਵਟਾਂਦਰਾ ਕਰਨਾ ਚਾਹੀਦਾ ਹੈ। ਸਾਰੀਆਂ ਸੰਬੰਧਿਤ ਧਿਰਾਂ ਨੂੰ ਮਿਲ ਕੇ ਇਸ ਗੱਲ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ 6 ਜੂਨ ਦਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਣ ਵਾਲਾ ਸਮਾਗਮ ਪੁਰਅਮਨ ਢੰਗ ਨਾਲ ਨੇਪਰੇ ਚੜ੍ਹੇ ਅਤੇ ਇਸ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਵਿਚ ਹੀ ਪੰਥ ਤੇ ਪੰਜਾਬ ਦੀ ਬਿਹਤਰੀ ਦੇਖੀ ਜਾ ਸਕਦੀ ਹੈ।
ਪੁਰਅਮਨ ਢੰਗ ਨਾਲ ਮਨਾਈ ਜਾਏ ਸਾਕਾ ਨੀਲਾ ਤਾਰਾ ਦੀ ਬਰਸੀ
ਅਜੀਤ ਡੈਸਕ
04-06-2025