ਟੋਰਾਂਟੋ, 26 ਦਸੰਬਰ (ਹਰਜੀਤ ਸਿੰਘ ਬਾਜਵਾ)-ਓਾਟਾਰੀਓ ਖਾਲਸਾ ਦਰਬਾਰ ਗੁਰੂਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਤੇ ਸ੍ਰੀ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਸੰਗਤਾਂ ਵੱਲੋਂ ਸਾਹਿਬਜਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ, ਮਾਤਾ ਗੁਜਰੀ ਜੀ ਸਮੇਤ ਹੋਰ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 'ਸਫ਼ਰ ਏ ਸ਼ਹਾਦਤ' ਸਮਾਗਮ ਕਰਵਾਇਆ ਗਿਆ | ਜਿੱਥੇ ਕਿ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਰਾਗੀ ਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਭਰੀ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਤੇ ਦੂਜੇ ਗ੍ਰੰਥੀ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਗੁਣਗਾਨ ਕਰਦਿਆਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ ਤੇ ਇਹਨਾਂ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਇਹਨਾਂ ਮਹਾਨ ਸ਼ਹੀਦੀਆਂ ਨੂੰ ਯਾਦ ਕਰਦਿਆਂ ਸੰਗਤਾਂ ਨਾਲ ਸਾਂਝ ਪਾਈ ਤੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੱਦਾ ਦਿੱਤਾ, ਉਹਨਾਂ ਭਾਰਤ ਸਰਕਾਰ ਵੱਲੋਂ ਚਲਾਏ ਬਾਲ ਦਿਵਸ ਤੋਂ ਸੰਗਤਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਚਾਰ ਸਾਹਿਬਜਾਦੇ ਸਾਡੇ ਸਤਿਕਾਰਯੋਗ ਬਾਬਾ ਜੀ ਤੇ ਵੱਡੇ ਵਡੇਰੇ ਹਨ ਬਾਲ ਨਹੀਂ | ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਭਾਈ ਪਰਮਜੀਤ ਸਿੰਘ ਗਿੱਲ ਤੇ ਸਹਾਇਕ ਸਕੱਤਰ ਭਾਈ ਸਰਬਜੀਤ ਸਿੰਘ ਨੇ ਆਖਿਆ ਕਿ ਇਹ ਸ਼ਹੀਦੀਆਂ ਕੋਈ ਆਮ ਨਹੀ ਸਨ ਸਗੋਂ ਇਹ ਸਮੇਂ ਦਾ ਵੱਡਾ ਬਦਲਾਅ ਤੇ ਕ੍ਰਾਤੀ ਸੀ ਉਹਨਾਂ ਗੁਰੂਘਰ ਦੇ ਸਮੂਹ ਸੇਵਾਦਾਰਾਂ ਤੇ ਸਟਾਫ ਦਾ ਵੀ ਧੰਨਵਾਦ ਕੀਤਾ | ਸਮਾਗਮ ਦੌਰਾਨ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸ਼ਮਸ਼ੇਰ ਸਿੰਘ, ਭਾਈ ਦਰਸ਼ਨਜੀਤ ਸਿੰਘ ਤੇ ਭਾਈ ਰਵਿੰਦਰ ਸਿੰਘ ਦੇ ਜਥਿਆਂ, ਭਾਈ ਸੁਖਦੇਵ ਸਿੰਘ, ਭਾਈ ਓਾਕਾਰ ਸਿੰਘ, ਭਾਈ ਜ਼ਗਦੀਸ਼ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਅਵਤਾਰ ਸਿੰਘ ਨਵਾਂ ਸ਼ਹਿਰ, ਭਾਈ ਮਨਜੋਤ ਸਿੰਘ ਤੇ ਭਾਈ ਇੰਦਰਜੀਤ ਸਿੰਘ ਨੇ ਗੁਰਬਾਣੀ ਕਿਰਤਨ, ਭਾਈ ਗੁਲਜ਼ਾਰ ਸਿੰਘ ਵੱਲੋਂ ਕਥਾ ਵਿਚਾਰ ਤੇ ਗਿਆਨੀ ਅਮਨਦੀਪ ਸਿੰਘ ਭੁੱਲਾਰਾਈ ਦੇ ਢਾਡੀ ਜਥੇ ਵੱਲੋਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਓਾਟਾਰੀਓ ਖਾਲਸਾ ਦਰਬਾਰ ਸਕੂਲ ਦੇ ਬੱਚਿਆਂ ਵੱਲੋਂ ਵੀ ਕਿਰਤਨ ਨਾਲ ਹਾਜ਼ਰੀ ਭਰੀ ਗਈ | ਇਸ ਮੌਕੇ ਵਾਈਸ ਪ੍ਰਧਾਨ ਗੁਰਿੰਦਰਜੀਤ ਸਿੰਘ ਭੁੱਲਰ, ਚੇਅਰਮੈਨ ਬਲਜੀਤ ਸਿੰਘ ਪੰਡੋਰੀ, ਖ਼ਜ਼ਾਨਚੀ ਭੁਪਿੰਦਰ ਸਿੰਘ ਬਾਠ, ਡਾਇਰੈਕਟਰ ਨਵਜੀਤ ਸਿੰਘ, ਸਰਦਾਰਾ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਸਿੰਘ ਨਾਹਲ, ਦਵਿੰਦਰ ਸਿੰਘ ਧਾਲੀਵਾਲ ਆਦਿ ਵੀ ਮੌਜੂਦ ਸਨ |