ਸਿਰਸਾ, 3 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਰੂਪਵਾਸ 'ਚ ਬੀਤੇ ਦਿਨ ਇਕ ਨੌਜਵਾਨ ਨੂੰ ਬੰਨ੍ਹ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਹੋਰ ਸਾਜ਼ਿਸ਼ਕਰਤਾ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਵਲੋਂ ਫੜ੍ਹੇ ਗਏ ਮੁਲਜ਼ਮ ਦੀ ਪਛਾਣ ਬਲਵੰਤ ਸਿੰਘ ਉਰਫ਼ ਬੱਲਾ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਰੂਪਵਾਸ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਥੂਸਰੀ ਚੌਪਟਾ ਥਾਣੇ ਦੇ ਇੰਚਾਰਜ ਰਾਜ ਕੁਮਾਰ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੇ ਮਹੱਤਵਪੂਰਨ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਕਤਲ ਦੀ ਸਾਜ਼ਿਸ਼ ਰਚਣ ਵਾਲੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਰਾਮੇਸ਼ਵਰ ਦਾਸ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ 30 ਮਈ ਦੀ ਨੂੰ ਸ਼ਾਮ ਨੂੰ ਕੁਝ ਲੋਕਾਂ ਨੇ ਉਸਦੇ ਪੁੱਤਰ ਨੂੰ ਜ਼ਬਰਦਸਤੀ ਗਲੀ ਤੋਂ ਚੁੱਕ ਕੇ ਆਪਣੇ ਘਰ ਲੈ ਗਏ ਅਤੇ ਉਸਨੂੰ ਰੱਸੀ ਨਾਲ ਬੰਨ੍ਹ ਦਿੱਤਾ ਅਤੇ ਡੰਡਿਆਂ ਨਾਲ ਕੁੱਟਮਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ | ਉਨ੍ਹਾਂ ਕਿਹਾ ਕਿ ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਨਾਥੂਸਰੀ ਚੌਪਟਾ ਥਾਣੇ ਵਿੱਚ ਕਤਲ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ | ਚੇਤੇ ਰਹੇ ਕਿ ਇਸ ਮਾਮਲੇ 'ਚ ਪੁਲਿਸ ਮੁੱਖ ਮੁਲਜ਼ਮ ਨੂੰ ਪਹਿਲਾਂ ਹੀ ਗਿ੍ਫ਼ਤਾਰ ਕਰ ਚੁੱਕੀ ਹੈ | ਪੁਲਿਸ ਨੇ ਇਸ ਮਾਮਲੇ 'ਚ ਅੱਠ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |