ਸਿਰਸਾ, 4 ਜੂਨ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਹੈ ਕਿ ਜਲਦੀ ਹੀ ਹਰਿਆਣਾ ਦੇ ਜੀਂਦ ਜ਼ਿਲ੍ਹੇ 'ਚ ਸਿੱਖ ਯੂਨੀਵਰਸਿਟੀ ਬਣਾਈ ਜਾਵੇਗੀ | ਇਸ ਸਬੰਧੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ | ਉਹ ਰਾਣੀਆਂ ਸਥਿਤ ਗੁਰਦੁਆਰਾ ਸਾਹਿਬ ਨਾਨਕ ਦਰਬਾਰ 'ਚ ਸੰਗਤ ਦਰਸ਼ਨਾਂ ਲਈ ਆਏ ਹੋਏ ਸਨ | ਇਸ ਮੌਕੇ ਐਚਐਸਜੀਪੀਸੀ ਦੇ ਜਨਰਲ ਸਕੱਤਰ ਅੰਗਰੇਜ਼ ਸਿੰਘ ਦੇ ਕਾਰਜਕਾਰਨੀ ਦੇ ਕਈ ਮੈਂਬਰ ਉਨ੍ਹਾਂ ਨਾਲ ਮੌਜੂਦ ਸਨ | ਰਾਣੀਆਂ ਸਥਿਤ ਗੁਰਦੁਆਰਾ ਸਾਹਿਬ ਪਹੁੰਚਣ 'ਤੇ ਸਿੱਖ ਸੰਗਤਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਆਹੁਦੇਦਾਰਾਂ ਦਾ ਫੁੱਲਾਂ ਦੇ ਹਾਰਾਂ ਨਾਲ ਜੋਰਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਝੀਂਡਾ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਲਈ ਇਸ ਇਲਾਕੇ ਦੀ ਸਿੱਖ ਸੰਗਤ ਵੱਲੋਂ ਕੀਤੇ ਗਏ ਸੰਘਸ਼ਰ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਨੇ ਕਿਹਾ ਕਿ 'ਮੈਂ ਪ੍ਰਧਾਨ ਬਣਕੇ ਨਹੀਂ ਬਲਕਿ ਸਿੱਖ ਸੰਗਤ ਦਾ ਸੇਵਾਦਾਰ ਬਣ ਕੇ ਕੰਮ ਕਰਾਂਗਾ |' ਉਨ੍ਹਾਂ ਕਿਹਾ ਕਿ ਛੇਤੀ ਹੀ ਹਰਿਆਣਾ ਦੇ ਜੀਂਦ ਜ਼ਿਲ੍ਹੇ 'ਚ ਸਿੱਖ ਯੂਨੀਵਰਸਿਟੀ ਬਣਾਈ ਜਾਵੇਗੀ | ਇਸ ਮੌਕੇ 'ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਘਰਸ਼ ਲਈ ਮੋਹਰੀ ਰਹੇ ਕਾਮਰੇਡ ਸੁਵਰਨ ਸਿੰਘ ਵਿਰਕ ਨੇ ਇਲਾਕੇ ਵਿੱਚ ਵੱਧ ਰਹੇ ਕੈਂਸਰ ਦੇ ਮਰੀਜਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਸਾ 'ਚ ਕੈਂਸਰ ਹਸਪਤਾਲ ਬਣਾਏ ਜਾਣ ਦੀ ਮੰਗ ਕੀਤੀ | ਇਸ ਮੌਕੇ 'ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਖਾਲਸਾ ਅਤੇ ਕੁਲਦੀਪ ਸਿੰਘ ਫੱਗੂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਜਨਰਲ ਸਕੱਤਰ ਅੰਗਰੇਜ਼ ਸਿੰਘ ਆਏ ਸਿੱਖ ਸੰਗਤ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ 'ਚ ਸਿੱਖ ਸੰਗਤ ਤੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਹਮੇਸ਼ਾਂ ਕੰਮ ਕਰਦੀ ਰਹੇਗੀ |