ਨਵੀਂ ਦਿੱਲੀ, 3 ਸਤੰਬਰ (ਮਿਸਰਦੀਪ ਭਾਟੀਆ)-ਪਿਛਲੇ ਕਈ ਦਿਨਾਂ ਤੋਂ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਹੁਣ ਦਿੱਲੀ ਸਮੇਤ ਕਈ ਰਾਜ ਭਿਆਨਕ ਹੜ੍ਹਾਂ ਦੀ ਤਬਾਹੀ ਦੀ ਮਾਰ ਝੱਲ ਰਹੇ ਹਨ | ਇਸ ਕੁਦਰਤੀ ਆਫ਼ਤ ਤੋਂ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ ਅਤੇ ਬਹੁਤ ਸਾਰੇ ਪਰਿਵਾਰ ਬੇਘਰ ਹੋ ਗਏ ਹਨ ਅਤੇ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ | ਆਲ ਇੰਡੀਆ ਆਦਿ ਧਰਮ ਮਿਸ਼ਨ, ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਅਤੇ ਸਾਬਕਾ ਏ.ਸੀ.ਪੀ. ਜੀ.ਸੀ. ਸਲਹਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਰਵਿਦਾਸ ਜੀ ਅਤੇ ਭਗਵਾਨ ਵਾਲਮੀਕ ਜੀ ਦੇ 7000 ਤੋਂ ਵੱਧ ਧਰਮ ਸਥਾਨ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਸਥਾਪਿਤ ਹਨ | ਇਨ੍ਹਾਂ ਧਾਰਮਿਕ ਸਥਾਨਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਖ਼ੇਤਰਾਂ ਵਿਚ ਬਚਾਅ ਤੇ ਰਾਹਤ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣ | ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿਚ ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਹਰੇਕ ਧਾਰਮਿਕ ਸਥਾਨ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਆਪਣੇ ਦਰਵਾਜ਼ੇ ਖੋਹਲਣ ਅਤੇ ਉਨ੍ਹਾਂ ਨੂੰ ਆਸਰਾ ਅਤੇ ਰਾਹਤ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸਾਰੇ ਧਾਰਮਿਕ ਸਥਾਨਾਂ ਨੂੰ ਰੋਜ਼ਾਨਾ ਲੰਗਰ ਅਤੇ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਦਾ ਪ੍ਰਬੰਧ ਕਰਨਾ ਚਾਹੀਦਾ ਅਤੇ ਵੱਧ ਚੜ੍ਹ ਕੇ ਸਹਿਯੋਗ ਕਰਨਾ ਚਾਹੀਦਾ ਹੈ |