ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸ਼ਾਸਤਰੀ ਪਾਰਕ ਵਿਖੇ ਹੜ੍ਹ ਰਾਹਤ ਕੈਂਪ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਦਿੱਕਤਾਂ ਸੁਣੀਆਂ ¢ ਦੱਸਣਯੋਗ ਹੈ ਕਿ ਰਾਜਧਾਨੀ ਦਿੱਲੀ ਦੀ ਯਮੁਨਾ ਨਦੀ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਤੇ ਹੋਣ ਕਾਰਨ ਯਮੁਨਾ ਦੇ ਨੇੜਲੇ ਤੇ ਨੀਵੇਂ ਇਲਾਕਿਆਂ ਵਿਚ ਹੜ੍ਹਾਂ ਦਾ ਕਹਿਰ ਜਾਰੀ ਹੈ ਤੇ ਇਨ੍ਹਾਂ ਇਲਾਕਿਆਂ ਵਿਚ ਰਹਿਣ ਵਾਲੇ ਹੁਣ ਹੜ੍ਹ ਰਾਹਤ ਕੈਂਪਾਂ ਵਿਚ ਰਹਿਣ ਲਈ ਮਜਬੂਰ ਹਨ | ਕੇਜਰੀਵਾਲ ਨੇ ਅੱਜ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੂਰਾ ਉੱਤਰੀ ਭਾਰਤ ਹੜ੍ਹਾਂ ਦੀ ਤ੍ਰਾਸਦੀ ਦਾ ਸਾਹਮਣਾ ਕਰ ਰਿਹਾ ਹੈ | ਦਿੱਲੀ ਵਿਚ ਵੀ, ਯਮੁਨਾ ਦੇ ਵਧਦੇ ਪਾਣੀ ਦੇ ਪੱਧਰ ਕਾਰਨ, ਨੇੜਲੇ ਇਲਾਕਿਆਂ ਵਿਚ ਰਹਿਣ ਵਾਲੇ ਪਰਿਵਾਰ ਬਹੁਤ ਮੁਸ਼ਕਲ ਸਥਿਤੀ ਵਿਚ ਹਨ | ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪ੍ਰਭਾਵਿਤਾਂ ਨੂੰ ਤੁਰੰਤ ਰਾਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ | ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਪੂਰੇ ਉੱਤਰੀ ਭਾਰਤ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਵੀ ਕੀਤੀ ¢ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੌਰਭ ਭਾਰਦਵਾਜ ਨੇ ਆਪਣੇ ਸੋਸ਼ਲ ਮੀਡੀਆਂ 'ਤੇ ਪੋਸਟ ਕੀਤਾ ਹੈ ਕਿ ਕੇਜਰੀਵਾਲ ਲੋਕਾਂ ਨੂੰ ਮਿਲਣ ਲਈ ਦਿੱਲੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਹੁੰਚੇ ਹਨ ¢ ਉਨ੍ਹਾਂ ਕਿਹਾ ਕਿ ਲੋਕ ਕੇਜਰੀਵਾਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਸਮੇਂ ਦੌਰਾਨ ਸਾਰੀਆਂ ਸਹੂਲਤਾਂ ਉਪਲਬਧ ਸਨ, ਇਸ ਵਾਰ ਭਾਜਪਾ ਦੀ ਚਾਰ-ਇੰਜਣ ਸਰਕਾਰ ਦੇ ਬਾਵਜੂਦ, ਲੋਕ ਪਰੇਸ਼ਾਨ ਹਨ ¢