ਕਾਲਾਂਵਾਲੀ/ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਨੇ ਪਿੰਡ ਭੰਗੂ ਦੇ ਇੱਕ ਘਰ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ ਤੇ ਇੱਕ ਵਿਅਕਤੀ ਨੂੰ ਚੋਰੀ ਦੇ ਸਾਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਬੜਾਗੁੜ੍ਹਾ ਥਾਣਾ ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਪਿੰਡ ਭੰਗੂ ਦੀ ਰਹਿਣ ਵਾਲੀ ਪਾਲੋ ਦੇਵੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਘਰੋਂ ਇੱਕ ਮੋਟਰਸਾਈਕਲ, ਇਕ ਗੈਸ ਸਿਲੰਡਰ ਤੇ ਹੋਰ ਸਾਮਾਨ ਚੋਰੀ ਕਰ ਲਿਆ ਹੈ | ਸ਼ਿਕਾਇਤ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਮਹੱਤਵਪੂਰਨ ਸੁਰਾਗ ਇਕੱਠੇ ਕਰ ਕੇ ਮੁਲਜ਼ਮ ਨੂੰ ਪਿੰਡ ਦੇ ਇਲਾਕੇ ਤੋਂ ਹੀ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਚੋਰੀ ਕਰਨ ਦੀ ਗੱਲ ਕਬੂਲ ਕਰ ਲਈ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਚੋਰੀ ਕੀਤਾ ਮੋਟਰਸਾਈਕਲ ਤੇ ਗੈਸ ਸਿਲੰਡਰ ਬਰਾਮਦ ਕਰ ਲਿਆ ਹੈ | ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ |