ਯਮੁਨਾਨਗਰ, 5 ਸਤੰਬਰ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਮੁਨਾ ਨਦੀ 'ਚ ਲਗਪਗ 3 ਲੱਖ 29 ਹਜ਼ਾਰ ਕਿਊਸਿਕ ਪਾਣੀ ਆਉਣ ਕਾਰਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ, ਜਿਸ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਮੀਂਹ ਦੇ ਪਾਣੀ ਕਾਰਨ ਲੋਕ ਪ੍ਰਭਾਵਿਤ ਹੋਏ ਹਨ, ਉਥੇ ਲੋਕਾਂ ਲਈ ਸਾਰੇ ਜ਼ਰੂਰੀ ਪ੍ਰਬੰਧ ਤੇ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ | ਉਨ੍ਹਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੀਂਹ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਸਿਹਤ ਇਲਾਜ ਲਈ ਕਦਮ ਚੁੱਕਣ ਲਈ ਕਿਹਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਜ਼ਮੀਨ ਹੜ੍ਹੀ ਹੈ, ਉਥੇ ਸਿੰਚਾਈ ਵਿਭਾਗ ਵਲੋਂ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਪੂਰੀ ਗਤੀ ਨਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਕਮਾਲਪੁਰ, ਪੋਬਾਰੀ, ਉਨ੍ਹੇੜੀ, ਲਾਪਰਾ, ਬੀਬੀਪੁਰ, ਬੇਲਗੜ੍ਹ, ਲਕਦਮਯ ਪ੍ਰਤਾਪਪੁਰ, ਮੰਡੋਲੀ ਘੱਗਰ, ਮਾਲੀ ਮਾਜਰਾ, ਕਲੇਸਰ, ਬੰਜਾਰਾ ਬੰਸ, ਕੋਟਡਾ ਕਾਹਨ ਸਿੰਘ, ਗੁਮਥਲਾ ਰਾਓ, ਨਾਗਲੀ, ਸੰਧਾਲਾ, ਖਾਨੂਵਾਲਾ, ਤਿਹਾਨੋ, ਰਾਮਗੜ੍ਹ ਸਵਾਈ ਆਦਿ 'ਚ ਜ਼ਮੀਨ ਨੂੰ ਖੁਰਨ ਤੋਂ ਬਚਾਉਣ ਲਈ ਸਿੰਚਾਈ ਤੇ ਪੰਚਾਇਤ ਵਿਭਾਗ ਵਲੋਂ 16 ਜੇ. ਸੀ. ਬੀ., 10 ਟਰੈਕਟਰ-ਟਰਾਲੀਆਂ ਤੇ 574 ਮਨਰੇਗਾ ਵਰਕਰਾਂ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ 1 ਲੱਖ 91 ਹਜ਼ਾਰ 400 ਬੋਰੀਆਂ ਮਿੱਟੀ ਭਰ ਕੇ ਦਰਿਆਵਾਂ ਤੇ ਨਾਲਿਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਸਕੇ | ਜ਼ਮੀਨ ਰੁੜ੍ਹਨ ਨਾਲ ਸੰਬੰਧਤ 50 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਮਨਰੇਗਾ ਸਕੀਮ ਤਹਿਤ ਬੰਨ੍ਹਾਂ ਦੀ ਮਜ਼ਬੂਤੀ ਦੇ ਕੰਮ 'ਚ ਮਜ਼ਦੂਰਾਂ ਵਲੋਂ ਲੋਹੇ ਦੇ ਜਾਲਾਂ 'ਚ ਮਿੱਟੀ ਤੇ ਪੱਥਰਾਂ ਦੀਆਂ ਬੋਰੀਆਂ ਭਰ ਕੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਤਰ੍ਹਾਂ ਮਨਰੇਗਾ ਸਕੀਮ 'ਚ ਕੰਮ ਕਰਨ ਵਾਲੇ ਮਜ਼ਦੂਰ ਵੀ ਆਫ਼ਤ ਦੇ ਸਮੇਂ ਰੁਜ਼ਗਾਰ ਪ੍ਰਾਪਤ ਕਰ ਸਕਣਗੇ | ਡੀ. ਸੀ. ਨੇ ਅੱਗੇ ਕਿਹਾ ਕਿ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਤੇ ਪੂਰੀ ਤਰ੍ਹਾਂ ਕਾਬੂ ਹੇਠ ਹੈ | ਜ਼ਿਲ੍ਹਾ ਪ੍ਰਸ਼ਾਸਨ ਜ਼ਮੀਨੀ ਹੜ੍ਹਨ ਵਾਲੀਆਂ ਸਾਰੀਆਂ ਥਾਵਾਂ 'ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਸੰਬੰਧਤ ਥਾਵਾਂ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਇਕ ਟੀਮ ਵਜੋਂ ਕੰਮ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਉਨ੍ਹਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਵਾਸੀਆਂ ਦੀ ਮਦਦ ਨਾਲ ਬੰਨ੍ਹ ਮਜ਼ਬੂਤ ਕਰਨ ਦੇ ਕੰਮ 'ਚ ਤੇਜ਼ੀ ਲਿਆਉਣ ਤਾਂ ਜੋ ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਫ਼ਤ ਦੇ ਸਮੇਂ ਘਬਰਾਉਣ ਦੀ ਲੋੜ ਨਹੀਂ, ਸਗੋਂ ਪ੍ਰਸ਼ਾਸਨ ਪੂਰੀ ਤਰ੍ਹਾਂ ਲੋਕਾਂ ਦੇ ਨਾਲ ਖੜ੍ਹਾ ਹੈ ਤੇ ਪ੍ਰਭਾਵਿਤ ਇਲਾਕਿਆਂ 'ਚ ਪ੍ਰਸ਼ਾਸਨ ਵਲੋਂ ਹਰ ਸੰਭਵ ਮਦਦ ਭੇਜੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਸਥਿਤੀ ਹੌਲੀ-ਹੌਲੀ ਆਮ ਹੁੰਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਯਮੁਨਾ ਨਦੀ 'ਚ ਲਗਪਗ 90 ਹਜ਼ਾਰ ਕਿਊਸਿਕ ਪਾਣੀ ਵੱਗ ਰਿਹਾ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ 'ਚ ਹੈ ਤੇ ਆਉਣ ਵਾਲੇ ਦਿਨਾਂ 'ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਹੋਰ ਘਟਣ ਦੀ ਸੰਭਾਵਨਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ |