ਯਮੁਨਾਨਗਰ, 5 ਸਤੰਬਰ (ਗੁਰਦਿਆਲ ਸਿੰਘ ਨਿਮਰ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਜ਼ਿਲ੍ਹਾ ਯਮੁਨਾਨਗਰ ਕਮੇਟੀ ਦੀ ਇਕ ਮੀਟਿੰਗ ਹੋਈ, ਜਿਸ 'ਚ ਜ਼ਿਲ੍ਹਾ ਇੰਚਾਰਜ ਸਤੀਸ਼ ਸੇਠੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ 'ਚ ਪੰਜਾਬ, ਹਰਿਆਣਾ, ਉਤਰਾਖੰਡ, ਹਿਮਾਚਲ ਅਤੇ ਜੰਮੂ-ਕਸ਼ਮੀਰ 'ਚ ਹੜ੍ਹਾਂ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਗਈ, ਉਪਰੰਤ ਹੜ੍ਹਾਂ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਆਗੂਆਂ ਨੇ ਕਿਹਾ ਕਿ ਹੜ੍ਹਾਂ ਕਾਰਨ ਪਸ਼ੂਆਂ ਤੋਂ ਇਲਾਵਾ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਉਨ੍ਹਾਂ ਲੋਕਾਂ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਥਾਨਕ ਪੱਧਰ 'ਤੇ ਵੀ ਪੀੜਤਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਮਦਦ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਅਤੇ ਪਿੰਡਾਂ ਤੋਂ ਰਾਹਤ ਸਮੱਗਰੀ ਇਕੱਠੀ ਕਰਕੇ ਪੰਜਾਬ ਭੇਜੀ ਜਾਣੀ ਚਾਹੀਦੀ ਹੈ ਅਤੇ ਨਾਲ ਹੀ ਪਸ਼ੂਆਂ ਲਈ ਚਾਰਾ ਵੀ ਭੇਜਿਆ ਜਾਣਾ ਚਾਹੀਦਾ ਹੈ | ਆਗੂਆਂ ਨੇ ਸਥਾਨਕ ਪ੍ਰਸ਼ਾਸਨ ਨੂੰ ਉਨ੍ਹਾਂ ਥਾਵਾਂ ਦਾ ਸਰਵੇਖਣ ਕਰਨ ਦੀ ਅਪੀਲ ਵੀ ਕੀਤੀ ਜਿਥੇ ਕਿ ਫ਼ਸਲਾਂ, ਘਰਾਂ ਜਾਂ ਹੋਰ ਨੁਕਸਾਨ ਹੋਇਆ ਤੇ ਨਾਲ ਹੀ ਬਣਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ | ਜ਼ਿਲ੍ਹਾ ਇੰਚਾਰਜ ਸਤੀਸ਼ ਸੇਠੀ ਨੇ ਕਿਹਾ ਕਿ ਦਿੱਲੀ ਹਾਈ ਕੋਰਟ ਵਲੋਂ ਉਮਰ ਖਾਲਿਦ ਸ਼ਰਜੀਲ ਇਮਾਮ ਸਮੇਤ ਅੱਠ ਹੋਰਨਾਂ ਵਿਅਕਤੀਆਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨਾ ਇਨਸਾਫ਼ ਦੇ ਨਾਂਅ 'ਤੇ ਮਜ਼ਾਕ ਹੈ | ਉਨ੍ਹਾਂ ਕਿਹਾ ਕਿ ਪੰਜ ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਵਿਰੁੱਧ ਕੋਈ ਚਾਰਜਸ਼ੀਟ ਦਾਇਰ ਨਹੀਂ ਕੀਤੀ ਗਈ, ਪਰ ਫ਼ਿਰ ਵੀ ਉਹ ਜੇਲ੍ਹਾਂ 'ਚ ਸੜ ਰਹੇ ਹਨ | ਮੀਟਿੰਗ ਦੌਰਾਨ ਯਮੁਨਾਨਗਰ 'ਚ ਸ਼ਹਿਰੀ ਤੇ ਪੇਂਡੂ ਖੇਤਰ ਦੀਆਂ ਗਲੀਆਂ, ਨਾਲੀਆਂ, ਪਾਣੀ, ਬਿਜਲੀ ਆਦਿ ਨਾਲ ਸੰਬੰਧਤ ਸਮੱਸਿਆਵਾਂ ਦੇ ਹੱਲ ਲਈ ਇਕ ਜਨਤਕ ਮੁਹਿੰਮ ਚਲਾਉਣ ਦਾ ਫੈਸਲਾ ਵੀ ਲਿਆ ਗਿਆ |