28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਫ਼ਤਿਹਾਬਾਦ ਜ਼ਿਲ੍ਹੇ ਦੇ ਸੇਮ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 08-09-2025
ਰਤੀਆ/ਜਾਖਲ, 7 ਸਤੰਬਰ (ਬੇਅੰਤ ਕੌਰ ਮੰਡੇਰ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਫ਼ਤਿਹਾਬਾਦ ਜ਼ਿਲ੍ਹੇ ਦੇ ਚਾਂਦਪੁਰਾ ਸਾਈਫ਼ਨ, ਬਲੀਆਵਾਲਾ ਹੈੱਡ, ਕੂਦਨੀ ਹੈੱਡ, ਅਤੇ ਆਲੇ-ਦੁਆਲੇ ਦੇ ਮੀਂਹ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ | ਉਨ੍ਹਾਂ ਨੇ ਸੇਮ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਥਾਨਕ ਨਾਗਰਿਕਾਂ ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਏਗੀ | ਇਸ ਲਈ ਈ-ਮੁਆਵਜ਼ਾ ਪੋਰਟਲ ਖੋਲਿ੍ਹਆ ਗਿਆ ਹੈ | ਇਸ 'ਤੇ ਕਿਸਾਨ ਆਪਣੀਆਂ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਵੇਰਵਾ ਦੇ ਸਕਦੇ ਹਨ | ਇਸ ਪੋਰਟਲ 'ਤੇ, ਰਾਜ ਵਿਚ ਹੁਣ ਤੱਕ ਲਗਭਗ 1 ਲੱਖ 70 ਹਜ਼ਾਰ ਏਕੜ 'ਚ ਫ਼ਸਲਾਂ ਦੇ ਨੁਕਸਾਨ ਦੀ ਰਜਿਸਟਰੇਸ਼ਨ ਕੀਤੀ ਜਾ ਚੁੱਕੀ ਹੈ | ਕਿਸਾਨਾਂ ਨੂੰ ਜਲਦੀ ਹੀ ਮੁਆਵਜ਼ਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਰਾਜ ਸਰਕਾਰ ਤੁਹਾਡੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਤੇ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦੇਵੇਗੀ |
ਘਰਾਂ ਤੇ ਛੱਤਾਂ ਨੂੰ ਹੋਏ ਨੁਕਸਾਨ 'ਤੇ ਰਾਹਤ ਪ੍ਰਦਾਨ ਕਰਾਂਗੇ
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰਾਂ ਜਾਂ ਛੱਤਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨੁਕਸਾਨੇ ਗਏ ਘਰਾਂ ਦੀ ਸੂਚੀ ਤਿਆਰ ਕਰਨ ਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ | ਮੁੱਖ ਮੰਤਰੀ ਨੇ ਕਿਹਾ ਕਿ ਲਗਭਗ ਇੱਕ ਮਹੀਨਾ ਪਹਿਲਾਂ ਬਾਬਾ ਸਾਹਿਬ ਅੰਬੇਡਕਰ ਆਵਾਸ ਯੋਜਨਾ ਤਹਿਤ 78.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ | ਪ੍ਰਭਾਵਿਤ ਪਰਿਵਾਰ ਨੂੰ ਅਰਜ਼ੀ ਦੇਣ 'ਤੇ ਤੁਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਾਰਿਸ਼ ਨਾਲ ਪ੍ਰਭਾਵਿਤ ਘਰਾਂ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ |
ਰਾਜ ਸਰਕਾਰ ਨੇ ਗੁਆਂਢੀ ਰਾਜਾਂ ਨੂੰ ਵੀ ਮਦਦ ਭੇਜੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੀ ਹੈ | ਹੁਣ ਤੱਕ ਰਾਹਤ ਸਮੱਗਰੀ ਨਾਲ ਭਰੇ 80 ਤੋਂ ਵੱਧ ਟਰੱਕ ਭੇਜੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਅੱਜ ਵੀ 25 ਟਰੱਕ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 10 ਟਰੱਕ ਹਿਮਾਚਲ ਪ੍ਰਦੇਸ਼ ਅਤੇ 15 ਟਰੱਕ ਪੰਜਾਬ ਭੇਜੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਹਰ ਸੰਭਵ ਤਰੀਕੇ ਨਾਲ ਸਹਿਯੋਗ ਕਰ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿਛਲੇ ਸਾਢੇ 10 ਸਾਲਾਂ ਵਿੱਚ ਸੂਬੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਲਈ 2314 ਕਰੋੜ ਰੁਪਏ ਜਾਰੀ ਕੀਤੇ ਗਏ ਹਨ |
ਅੰਬੇਡਕਰ ਹਾਊਸਿੰਗ ਨਵੀਨੀਕਰਨ ਯੋਜਨਾ ਤਹਿਤ 416 ਕਰੋੜ ਰੁਪਏ ਅਲਾਟ ਕੀਤੇ ਗਏ ਹਨ | ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ 'ਚ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ 88.50 ਕਰੋੜ ਰੁਪਏ ਵੀ ਵੰਡੇ ਹਨ |
ਸਰਕਾਰ ਪਾਣੀ ਭਰਨ ਦੀ ਸਮੱਸਿਆ ਦਾ ਸਥਾਈ ਹੱਲ ਲੱਭੇਗੀ
ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਬਾਰਸ਼ ਕਾਰਨ ਹਰਿਆਣਾ ਦੇ ਹੇਠਲੇ ਇਲਾਕਿਆਂ 'ਚ ਪਾਣੀ ਭਰ ਗਿਆ ਹੈ | ਉਨ੍ਹਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਨੂੰ ਰਾਹਤ ਅਤੇ ਨਿਕਾਸੀ ਦੇ ਕੰਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸਰਕਾਰ ਇਸ ਸਮੱਸਿਆ ਦਾ ਸਥਾਈ ਹੱਲ ਲੱਭਣ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਤਾਂ ਜੋ ਭਵਿੱਖ 'ਚ ਲੋਕਾਂ ਨੂੰ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਅਧਿਕਾਰੀ ਦਿਨ-ਰਾਤ ਕੰਮ ਕਰ ਰਹੇ ਹਨ ਤੇ ਕਿਸੇ ਵੀ ਐਮਰਜੈਂਸੀ ਦੀ ਸੂਰਤ 'ਚ ਤੁਰੰਤ ਮੌਕੇ 'ਤੇ ਪਹੁੰਚ ਰਹੇ ਹਨ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ, ਮੰਤਰੀਆਂ, ਵਿਧਾਇਕਾਂ ਤੇ ਜਨ ਪ੍ਰਤੀਨਿਧੀਆਂ ਦਾ ਧੰਨਵਾਦ ਕੀਤਾ ਜੋ ਪਿੰਡ-ਪਿੰਡ ਜਾ ਕੇ ਜਨਤਾ ਨੂੰ ਮਿਲ ਰਹੇ ਹਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਦੌਰਾਨ ਸਾਰਿਆਂ ਨੂੰ ਸਬਰ ਤੇ ਸਹਿਯੋਗ ਬਣਾਈ ਰੱਖਣਾ ਚਾਹੀਦਾ ਹੈ | ਪੰਜਾਬ ਹੋਵੇ ਜਾਂ ਹਿਮਾਚਲ ਪ੍ਰਦੇਸ਼, ਅਜਿਹੀਆਂ ਸਥਿਤੀਆਂ ਦਾ ਸਾਹਮਣਾ ਸਮੂਹਿਕ ਯਤਨਾਂ ਨਾਲ ਹੀ ਸੰਭਵ ਹੈ | ਉਨ੍ਹਾਂ ਕਿਹਾ ਕਿ ਸਾਰੇ ਮੰਤਰੀ, ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ ਤੇ ਸਮਾਜ ਦੇ ਲੋਕ ਮਿਲ ਕੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਨਾਗਰਿਕ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ | ਪਾਣੀ ਦੇ ਪੱਧਰ 'ਤੇ ਨਿਰੰਤਰ ਨਜ਼ਰ ਰੱਖੋ ਤੇ ਐਮਰਜੈਂਸੀ ਦੀ ਸੂਰਤ ਵਿਚ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ | ਇਸ ਮੌਕੇ ਸਾਬਕਾ ਮੰਤਰੀ ਦੇਵੇਂਦਰ ਸਿੰਘ ਬਬਲੀ, ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਸਾਬਕਾ ਵਿਧਾਇਕ ਦੂੜਾ ਰਾਮ, ਸੂਬਾ ਜਨਰਲ ਸਕੱਤਰ ਸੁਰੇਂਦਰ ਪੂਨੀਆ, ਡਿਪਟੀ ਕਮਿਸ਼ਨਰ ਮਨਦੀਪ ਕੌਰ, ਪੁਲਿਸ ਸੁਪਰਡੈਂਟ ਸਿਧਾਂਤ ਜੈਨ, ਐਸ.ਡੀ.ਐਮ. ਆਕਾਸ਼ ਸ਼ਰਮਾ, ਐਸ.ਈ. ਰਾਜੇਸ਼ ਕੁਮਾਰ, ਸਾਬਕਾ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਗਰੋਹਾ ਤੇ ਹੋਰ ਸੀਨੀਅਰ ਅਧਿਕਾਰੀ ਉਨ੍ਹਾਂ ਨਾਲ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫਰਵਾਈ ਕਲਾਂ ਨੇੜੇ ਫਿਰ ਟੁੱਟਿਆ ਘੱਗਰ ਦਾ ਰਿੰਗ ਬੰਨ੍ਹ <br/> ਅਗਲੀ ਖ਼ਬਰ ਗਲੀ ਕਿਨੈ ਨਾ ਪਾਇਆ
Ad Position 24