ਸਿਰਸਾ, 7 ਸਤੰਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਨੇ 2 ਕਿਲੋ 696 ਗ੍ਰਾਮ ਅਫੀਮ ਤਸਕਰੀ ਦੇ ਮਾਮਲੇ 'ਚ ਪੱਛਮੀ ਚੰਪਾਰਨ ਖੇਤਰ ਤੋਂ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਸੀ.ਆਈ.ਏ. ਸਿਰਸਾ ਦੇ ਇੰਚਾਰਜ ਪ੍ਰੇਮ ਕੁਮਾਰ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੱਛਮੀ ਚੰਪਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਰਾਜੇਸ਼ ਕੁਮਾਰ ਤੇ ਗੋਪਾਲ ਪ੍ਰਸਾਦ ਵਜੋਂ ਹੋਈ ਹੈ | ਉਨ੍ਹਾਂ ਕਿਹਾ ਕਿ ਪੁਲੀਸ ਨੇ ਡਿੰਗ ਥਾਣਾ ਖੇਤਰ ਤੋਂ ਇੱਕ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਸੁਮਿਤ ਤੇ ਰਾਜੇਸ਼ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਨੇ ਪੁਲੀਸ ਪੁੱਛਗਿੱਛ ਵਿੱਚ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਇਹ ਅਫੀਮ ਭਿਵਾਨੀ ਦੇ ਰਹਿਣ ਵਾਲੇ ਸੁਨੀਲ ਤੋਂ ਮਿਲੀ ਸੀ | ਇਸ ਤੋਂ ਬਾਅਦ ਪੁਲੀਸ ਨੇ ਮਹੱਤਵਪੂਰਨ ਸੁਰਾਗ ਇਕੱਠੇ ਕਰਕੇ ਸੁਨੀਲ ਜੈ ਸਿੰਘ, ਪਵਨ ਤੇ ਨਾਰਾਇਣ ਨੂੰ ਵੀ ਗਿ੍ਫ਼ਤਾਰ ਕੀਤਾ | ਉਨ੍ਹਾਂ ਦੱਸਿਆ ਕਿ ਗਿ੍ਫਤਾਰ ਕੀਤੇ ਮੁਲਜ਼ਮਾਂ ਤੋਂ ਹਵਾਲਾ ਰਾਹੀਂ ਪੈਸੇ ਦੇ ਲੈਣ-ਦੇਣ ਵਿੱਚ ਵਰਤੇ ਜਾਣ ਵਾਲੇ ਦਸਤਾਵੇਜ਼, ਮੋਬਾਈਲ, ਇੱਕ ਰੁਪਏ ਦਾ ਨੋਟ ਅਤੇ ਹੋਰ ਮਹੱਤਵਪੂਰਨ ਸਬੂਤ ਬਰਾਮਦ ਕੀਤੇ ਗਏ ਹਨ | ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਰੋਹ ਹਰਿਆਣਾ, ਰਾਜਸਥਾਨ, ਦਿੱਲੀ ਅਤੇ ਬਿਹਾਰ ਵਿੱਚ ਫੈਲਿਆ ਹੋਇਆ ਹੈ ਅਤੇ ਹਵਾਲਾ ਚੈਨਲ ਰਾਹੀਂ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਚਲਾਉਂਦਾ ਸੀ | ਸਿਰਸਾ ਪੁਲਿਸ ਉਨ੍ਹਾਂ ਤੋਂ ਲਗਾਤਾਰ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਜੜ੍ਹੋਂ ਪੁੱਟਿਆ ਜਾ ਸਕੇ | ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ | ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਇਸ ਤਸਕਰੀ ਨੈੱਟਵਰਕ ਅਤੇ ਸਪਲਾਈ ਚੇਨ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਾਇਆ ਜਾਵੇਗਾ |