ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਸੇਵਾਵਾਂ ਨਿਭਾਅ ਰਹੇ ਇਨਲਿਸਟਮੈਂਟ/ ਆਊਟਸੋਰਸ, ਠੇਕੇਦਾਰਾਂ, ਕੰਪਨੀਆ, ਸੁਸਾਇਟੀਆਂ, ਡੈਲੀਵੇਜ ਆਦਿ ਕੈਟਾਗਿਰੀਆਂ ਅਧੀਨ ਸੇਵਾਵਾਂ ਦੇ ਰਹੇ ਸਮੂਹ ਠੇਕਾ ਮੁਲਾਜ਼ਮਾਂ ਦਾ ਪੱਕਾ ਰੁਜਗਾਰ ਕਰਨ ਵਾਲੀ ਪ੍ਰਮੁੱਖ ਮੰਗ ਸਮੇਤ ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫ਼ਾਰਮ ਤੋਂ 3 ਰੋਜ਼ਾ ਦਿਨ-ਰਾਤ ਸੰਘਰਸ਼ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.) ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਵਿਭਾਗੀ ਦਫ਼ਤਰ ਮੇਨ ਵਾਟਰ ਵਰਕਸ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਤੇ ਸੀ.ਐੱਚ.ਬੀ. ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੇਨ ਬਿਜਲੀ ਘਰ ਸ੍ਰੀ ਮੁਕਤਸਰ ਸਾਹਿਬ ਅੱਗੇ ਧਰਨਾ ਦੇਣ ਉਪਰੰਤ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਤੱਕ ਸਾਂਝਾ ਰੋਸ ਮਾਰਚ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸੰਬੰਧੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਜ਼ਿਲਾ ਆਗੂ ਬਲਜੀਤ ਸਿੰਘ ਭੱਟੀ, ਕੇਸਰ ਸਿੰਘ, ਵਰਿੰਦਰ ਸਿੰਘ, ਮਨਜਿੰਦਰ ਸਿੰਘ, ਅਮਰਜੀਤ ਸਿੰਘ ਨੇ ਦੱਸਿਆ ਕਿ ਮੋਰਚੇ ਦੇ ਫ਼ੈਸਲੇ ਤਹਿਤ ਲਗਾਤਾਰ 3 ਦਿਨ ਵਿਭਾਗੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ | ਅੰਤ 'ਚ ਪ੍ਰਦਰਸ਼ਨਕਾਰੀਆਂ ਵਲੋਂ ਐਲਾਨ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਵਲੋਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੂਬਾਈ ਕਮੇਟੀ ਵਲੋਂ ਉਲੀਕੇ ਜਾਣ ਵਾਲੇ ਤਿੱਖੇ ਸੰਘਰਸ਼ ਪ੍ਰੋਗਰਾਮਾਂ ਨੂੰ ਲਾਗੂ ਕੀਤਾ ਜਾਵੇਗਾ | ਇਸ ਮੌਕੇ ਗੁਰਦੇਵ ਸਿੰਘ, ਤਰਲੋਕ ਸਿੰਘ, ਮਨਜੀਤ ਸਿੰਘ, ਸਾਜਣ ਕੁਮਾਰ, ਜਸਪਾਲ ਸਿੰਘ, ਗਗਨਦੀਪ ਸਿੰਘ, ਪੱਪੂ ਆਦਿ ਹਾਜ਼ਰ ਸਨ |