ਸਿਰਸਾ, 21 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮਲਟੀਪਰਪਜ ਹਾਲ 'ਚ ਆਗਾਮੀ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਉਣ ਲਈ ਸੂਬਾ ਪੱਧਰੀ ਸਮਾਗਮ ਕੀਤਾ ਜਾਵੇਗਾ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਸੀਡੀਐਲਯੂ ਵਿਖੇ ਹੋਣ ਵਾਲੇ ਰਾਜ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿੱਖ ਆਗੂਆਂ ਤੇ ਹੋਰ ਪਤਵੰਤਿਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੀਰੇਂਦਰ ਸਹਿਰਾਵਤ, ਪੁਲੀਸ ਸੁਪਰਡੈਂਟ ਦੀਪਕ ਸਹਾਰਨ, ਚੌਧਰੀ ਦੇਵੀ ਲਾਲ ਯੂਨੀਵਰਸਿਟੀ (ਸੀਡੀਐਲਯੂ) ਦੇ ਵਾਈਸ ਚਾਂਸਲਰ ਪ੍ਰੋ. ਵਿਜੇ ਕੁਮਾਰ, ਐਸਡੀਐਮ ਰਾਜੇਂਦਰ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਦੇ ਸੀਈਓ ਡਾ. ਸੁਭਾਸ਼ ਚੰਦਰ, ਸਾਬਕਾ ਮੁੱਖ ਮੰਤਰੀ ਦੇ ਸਾਬਕਾ ਰਾਜਨੀਤਕ ਸਲਾਹਕਾਰ ਜਗਦੀਸ਼ ਚੋਪੜਾ, ਭਾਜਪਾ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ | ਇਸ ਦੌਰਾਨ ਪ੍ਰੋਗਰਾਮ ਦੀ ਸਮੁੱਚੀ ਰੂਪ-ਰੇਖਾ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਅਧਿਕਾਰੀਆਂ ਨੂੰ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਦਿਸ਼ਾ- ਨਿਰਦੇਸ਼ ਦਿੱਤੇ ਗਏ ਤਾਂ ਜੋ ਵੀਰ ਬਾਲ ਦਿਵਸ ਦੀ ਇਤਿਹਾਸਕ ਮਹੱਤਤਾ ਅਤੇ ਇਸ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਨਤਾ ਤੱਕ ਪਹੁੰਚਾਇਆ ਜਾ ਸਕੇ |ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ ਨੇ ਕਿਹਾ ਕਿ ਵੀਰ ਬਾਲ ਦਿਵਸ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਦੇਸ਼ ਦੀ ਨੌਜਵਾਨ ਪੀੜ੍ਹੀ ਵਿੱਚ ਹਿੰਮਤ, ਕੁਰਬਾਨੀ ਅਤੇ ਦੇਸ਼ ਭਗਤੀ ਨੂੰ ਪ੍ਰੇਰਿਤ ਕਰਨ ਦਾ ਇੱਕ ਮੌਕਾ ਹੈ | ਉਨ੍ਹਾਂ ਸਾਰੇ ਵਿਭਾਗਾਂ ਨੂੰ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨਾ ਸਾਰਿਆਂ ਦਾ ਫਰਜ਼ ਹੈ |
'ਵੀਰ ਬਾਲ ਦਿਵਸ' ਮਨਾਉਣ ਸੰਬੰਧੀ ਮੁੱਖ ਮੰਤਰੀ ਦੇ ਓ. ਐਸ. ਡੀ. ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿੱਖ ਆਗੂਆਂ ਨਾਲ ਕੀਤਾ ਵਿਚਾਰ-ਵਟਾਂਦਰਾ
ਅਜੀਤ ਡੈਸਕ
22-12-2025