ਜਲੰਧਰ, 31 ਅਗਸਤ (ਜਸਪਾਲ ਸਿੰਘ) - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਅੰਮਿ੍ਤਪਾਲ ਸਿੰਘ ਅਤੇ ਹੋਰ ਆਗੂਆਂ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਬਾਊਪੁਰ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬੱਸੀ, 'ਆਪ' ਦੇ ਲੋਕ ਸਭਾ ਹਲਕਾ ਇੰਚਾਰਜ ਤੇ ਸੁਧਾਰ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਵੀ ਹਾਜ਼ਰ ਸਨ | ਇਸ ਦੌਰਾਨ ਇਨ੍ਹਾਂ ਆਗੂਆਂ ਨੇ ਪਿੰਡ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ | ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਪ੍ਰਤੀ ਮੂਕ ਦਰਸ਼ਕ ਬਣੀ ਹੋਈ ਹੈ ਉੱਥੇ ਹੀ ਪੰਜਾਬ ਸਰਕਾਰ ਦਾ ਹਰ ਅਧਿਕਾਰੀ, ਆਗੂ ਤੇ ਵਲੰਟੀਅਰ ਜ਼ਮੀਨੀ ਪੱਧਰ 'ਤੇ ਲੋਕਾਂ ਦੀ ਮਦਦ ਕਰ ਰਿਹਾ ਹੈ | ਇਸ ਦੌਰਾਨ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਨੇ ਕਿਹਾ ਕਿ ਇਸ ਆਫ਼ਤ ਦੇ ਸਮੇਂ ਵਿਚ ਜਿੱਥੇ ਆਮ ਆਦਮੀ ਪਾਰਟੀ ਨਾਲ ਜੁੜਿਆ ਹਰ ਵਿਅਕਤੀ ਹੜ੍ਹ ਪੀੜਤਾਂ ਦੀ ਮਦਦ ਕਰ ਰਿਹਾ ਹੈ ਉੱਥੇ ਉਹ ਸਾਰੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਨੂੰ ਪਾਰਟੀ ਹਿਤਾਂ ਤੋਂ ਉਪਰ ਉੱਠ ਕੇ ਰਾਹਤ ਕਾਰਜਾਂ 'ਚ ਪੂਰਾ ਸਹਿਯੋਗ ਕਰਨ ਦੀ ਅਪੀਲ ਕਰਦੇ ਹਨ | ਅਜਿਹੇ ਸਮੇਂ ਭਾਜਪਾ ਆਗੂਆਂ ਨੂੰ ਕੇਂਦਰ ਸਰਕਾਰ 'ਤੇ ਤੁਰੰਤ ਰਾਹਤ ਪੈਕੇਜ ਜਾਰੀ ਕਰਨ ਲਈ ਦਬਾਅ ਪਾਉਣਾ ਚਾਹੀਦਾ ਸੀ ਪਰ ਉਹ ਸਿਰਫ਼ ਸੂਬਾ ਸਰਕਾਰ ਵਿਚ ਕਮੀਆਂ ਲੱਭਣ ਵਿਚ ਲੱਗੇ ਹੋਏ ਹਨ | ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੇ ਵਿਰੋਧੀ ਪਾਰਟੀਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਮਦਦ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ |