ਸ਼ਾਹਕੋਟ, 3 ਸਤੰਬਰ (ਸੁਖਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਣ ਸਿੰਘ ਬੱਲ ਅਤੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਹਲਕਾ ਨਕੋਦਰ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਇੱਕ ਕਿਸਾਨ ਜਥੇਬੰਦੀ ਦੇ ਆਗੂਆਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਭਾਕਿਯੂ (ਏਕਤਾ ਉਗਰਾਹਾਂ) ਦੇ ਆਗੂਆਂ ਨੇ ਕਿਹਾ ਕਿ ਬੁਖਲਾਹਟ 'ਚ ਆ ਕੇ ਬੋਲੇ ਸ਼ਬਦਾਂ ਨਾਲ ਆਮ ਆਦਮੀ ਪਾਰਟੀ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਉਹਨਾਂ ਕਿਹਾ ਆਉਣ ਵਾਲੇ ਦਿਨਾਂ 'ਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਫ਼ੈਸਲਾ ਕਰਕੇ ਵਿਧਾਇਕਾ ਦੇ ਤਾਹਣੇ-ਮਿਹਣਿਆਂ ਵਾਲੀਆਂ ਗੱਲਾਂ ਦਾ ਮੂੰਹ-ਤੋੜਵਾਂ ਜਵਾਬ ਦੇਣ ਲਈ ਪ੍ਰੋਗਰਾਮ ਉਲੀਕਿਆ ਜਾਵੇਗਾ |