ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਰਾਜਪੂਤ ਕਲਿਆਣ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਬਲਬੀਰ ਸਿੰਘ ਚੌਹਾਨ ਨੇ ਸੂਬੇ 'ਚ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ | ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਅੱਜ ਪੰਜਾਬ ਦੇ ਹੜ੍ਹ ਪੀੜਤ ਖੇਤਰਾਂ ਦੇ ਕੀਤੇ ਗਏ ਦੌਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੰਜਾਬ ਦੇ ਮਦਦ ਕਰਨ 'ਚ ਦੇਰੀ ਨਹੀਂ ਕਰਨੀ ਚਾਹੀਦੀ | ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਪੰਜਾਬ 'ਚ ਜਿੱਥੇ ਕਈ ਕੀਮਤੀ ਜਾਨਾਂ ਚਲੀਆਂ ਗਈਆਂ, ਉੱਥੇ ਫਸਲਾਂ ਤੇ ਲੋਕਾਂ ਦੇ ਘਰਾਂ ਦਾ ਵੀ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ | ਸ. ਚੌਹਾਨ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਜਲਦ ਤੋਂ ਜਲਦ ਲੋਕਾਂ ਨੂੰ ਰਾਹਤ ਸਮੱਗਰੀ ਦੇ ਨਾਲ-ਨਾਲ ਮੁਆਵਜ਼ਾ ਦੇਵੇ, ਜਿਸ ਨਾਲ ਲੋਕਾਂ ਦੇ ਜ਼ਖਮਾਂ 'ਤੇ ਮਲ੍ਹਮ ਲਗਾਈ ਜਾ ਸਕੇ | ਇਸ ਮੌਕੇ ਉਨ੍ਹਾਂ ਹੜ੍ਹ ਪੀੜਤਾਂ ਦੀ ਵੱਖ-ਵੱਖ ਸਮਾਜ ਸੇਵੀ ਤੇ ਧਾਰਮਿਕ ਸੰਗਠਨਾਂ ਤੋਂ ਇਲਾਵਾ ਐਨ. ਆਰ. ਆਈਜ਼ ਵਲੋਂ ਕੀਤੀ ਜਾ ਰਹੀ ਸਹਾਇਤਾ ਦੀ ਵੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਸੰਕਟ ਦੇ ਸਮੇਂ ਸਮੂਹ ਪੰਜਾਬੀਆਂ ਨੇ ਪੂਰੀ ਇਕਜੁੱਟਤਾ ਦਿਖਾਉਂਦੇ ਹੋਏ ਸਰਕਾਰਾਂ 'ਤੇ ਟੇਕ ਰੱਖਣ ਦੀ ਬਜਾਏ ਖੁਦ ਅੱਗੇ ਹੋ ਕੇ ਮੋਰਚਾ ਸੰਭਾਲਿਆ, ਜੋ ਬਹੁਤ ਹੀ ਸ਼ਲਾਘਾਯੋਗ ਹੈ |