ਮਲਸੀਆਂ, 6 ਸਤੰਬਰ (ਸੁਖਦੀਪ ਸਿੰਘ)-ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਵਾਸਤੇ ਜਿੱਥੇ ਕੇਂਦਰ ਸਰਕਾਰ ਨੇ ਮੱਦਦ ਲਈ ਹੱਥ ਅੱਗੇ ਵਧਾਇਆ ਹੈ, ਉਥੇ ਹਰਿਆਣਾ ਤੇ ਦਿੱਲੀ ਸਰਕਾਰਾਂ ਨੇ ਵੀ ਪੰਜਾਬ ਨਾਲ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦਾ ਐਲਾਨ ਕਰਕੇ ਇੱਕ ਵੱਡੀ ਰਾਹਤ ਦਿੱਤੀ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਸ਼ਾਹਕੋਟ ਦੇ ਕਨਵੀਨਰ ਐਡਵੋਕੇਟ ਦੀਪਕ ਸ਼ਰਮਾ ਨੇ ਗੱਲਬਾਤ ਦੌਰਾਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਨ ਕਰਕੇ ਸਾਰੀ ਸਥਿਤੀ ਦਾ ਪਤਾ ਕੀਤਾ ਅਤੇ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ, ਉਥੇ ਹੀ ਉਨ੍ਹਾਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਵਿਸ਼ੇਸ਼ ਤੌਰ 'ਤੇ ਭੇਜਿਆ | ਇਸ ਦੌਰਾਨ ਕੇਂਦਰ ਸਰਕਾਰ ਵਲੋਂ ਭੇਜੀਆਂ ਵਿਸ਼ੇਸ਼ ਟੀਮਾਂ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਾਰ ਲੈ ਰਹੀਆਂ ਹਨ | ਇਸਦੇ ਨਾਲ ਹੀ ਹਰਿਆਣਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਡੂੰਘੀ ਇੱਕਜੁਟਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਪੰਜਾਬ ਸਰਕਾਰ ਦੇ ਰਾਹਤ ਫੰਡ ਲਈ 5 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ ਦਿੱਲੀ ਸਰਕਾਰ ਵਲੋਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ 'ਚ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਆਗੂ ਤੇ ਵਰਕਰ ਦਿਨ-ਰਾਤ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ 'ਚ ਲੱਗੇ ਹੋਏ ਹਨ | ਵੱਡੀ ਗੱਲ ਇਹ ਵੀ ਹੈ ਕਿ ਪੰਜਾਬੀਆਂ ਦੇ ਔਖੇ ਸਮੇਂ 'ਚ ਪ੍ਰਧਾਨ ਮੰਤਰੀ ਮੋਦੀ ਖੁੱਦ ਪੰਜਾਬ ਆ ਕੇ ਹੜ੍ਹ ਪੀੜਤਾਂ ਦੀ ਸਾਰ ਲੈਣਗੇ | ਕੇਂਦਰ ਸਰਕਾਰ ਅਤੇ ਭਾਜਪਾ ਸ਼ਾਸਤ ਸੂਬਾ ਸਰਕਾਰਾਂ ਵਲੋਂ ਪੰਜਾਬ ਦੇ ਲੋਕਾਂ ਲਈ ਵਿਸ਼ੇਸ਼ ਸਹਿਯੋਗ ਕਰਨਾ ਪੰਜਾਬ ਨੂੰ ਵੱਡੀ ਰਾਹਤ ਪਹੁੰਚਾਉਣ ਵਾਲੀ ਗੱਲ ਹੈ |