ਗੁਰਾਇਆ, 21 ਸਤੰਬਰ (ਬਲਵਿੰਦਰ ਸਿੰਘ)-ਡਾ. ਜਸਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ ਆਰ ਐਮ ਸਕੀਮ ਅਧੀਨ ਬਲਾਕ ਰੁੜਕਾ ਕਲਾਂ ਵਿਖੇ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿਚ ਉਚੇਚੇ ਤੌਰ ਤੇ ਐੱਸ ਡੀ ਐਮ ਫਿਲੌਰ ਪਰਲੀਨ ਕੌਰ ਬਰਾੜ ਨੇ ਸ਼ਿਰਕਤ ਕੀਤੀ ਅਤੇ ਕੈਂਪ ਵਿਚ ਹਾਜ਼ਰ ਕਿਸਾਨਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਅਤੇ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਲਈ ਕਿਹਾ | ਕਿ੍ਸ਼ੀ ਵਿਗਿਆਨ ਕੇਂਦਰ, ਨੂਰਮਹਿਲ ਤੋਂ ਆਏ ਵਿਗਿਆਨੀ ਮੈਡਮ ਪ੍ਰਭਜੋਤ ਕੌਰ ਅਤੇ ਮੈਡਮ ਬਲਵੀਰ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਆਉਣ ਵਾਲੀ ਕਣਕ ਦੀ ਫ਼ਸਲ ਵਿਚ ਨਦੀਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ | ਡਾ ਰਮਨਦੀਪ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਹਾਜ਼ਰ ਕਿਸਾਨਾਂ ਨਾਲ ਵਿਭਾਗ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸੀ ਆਰ ਐਮ ਸਕੀਮ ਅਧੀਨ ਬਲਾਕ ਵਿਚ ਪਰਾਲੀ ਸਾਂਭਣ ਵਾਲੀ ਮਸ਼ੀਨਰੀ ਉੱਪਰ 50% ਤੋਂ 80 % ਸਬਸਿਡੀ ਦਿੱਤੀ ਜਾ ਰਹੀ ਹੈ |ਬਲਾਕ ਵਿਚ ਪਰਾਲੀ ਸਾਂਭਣ ਵਾਲੀ ਕਾਫ਼ੀ ਮਸ਼ੀਨਰੀ ਮੌਜੂਦ ਹੈ ਅਤੇ ਕਿਸਾਨ ਵੀਰ ਵੱਧ ਤੋਂ ਵੱਧ ਮਸ਼ੀਨਰੀ ਵਰਤ ਕੇ ਪਰਾਲੀ ਨੂੰ ਖੇਤਾਂ ਵਿਚ ਹੀ ਮਿਲਾਉਣ ਤਾਂ ਕਿ ਉਨ੍ਹਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵੱਧ ਸਕੇ |ਗੁਰਦੀਪ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭਣ ਦੀ ਵੱਖ ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ | ਕੈਂਪ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਘਾਰਾ ਦਿੱਤਾ ਗਿਆ ਅਤੇ ਇਸ ਮੌਕੇ ਹਾਜ਼ਰ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਨਾੜ ਨੂੰ ਖੇਤਾਂ ਵਿਚ ਹੀ ਵਾਹ ਕੇ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਦਾ ਸੰਕਲਪ ਲਿਆ |