ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ)-ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ ਮੁੜ ਵਸੇਬੇ ਦੇ ਕਾਰਜਾਂ ਲਈ ਸਮਾਜ ਸੇਵੀ ਸੰਸਥਾਵਾਂ ਤੇ ਸਮਰੱਥ ਵਿਅਕਤੀਆਂ ਨੂੰ ਅੱਗੇ ਆਉਣ ਦੀ ਪ੍ਰੇਰਣਾ ਦਿੰਦੇ ਹੋਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ) ਨੇ ਕਿਹਾ ਕਿ ਜਿਵੇਂ-ਜਿਵੇਂ ਪਾਣੀ ਦਾ ਪੱਧਰ ਨੀਵਾਂ ਹੋ ਰਿਹਾ ਹੈ, ਉਵੇਂ ਹੀ ਹੜ੍ਹ ਪ੍ਰਭਾਵਿਤ ਖੇਤਰ 'ਚ ਮਾਰੇ ਗਏ ਜਾਨਵਰਾਂ ਦੀ ਲਾਸ਼ਾਂ ਅਤੇ ਗ਼ਾਰ ਨਾਲ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ | ਉਨ੍ਹਾਂ ਕਿਹਾ ਕਿ ਬਿਮਾਰੀਆਂ ਦੇ ਮਾੜੇ ਪ੍ਰਭਾਵਾਂ ਤੋਂ ਹੜ੍ਹ ਪੀੜਤਾਂ ਨੂੰ ਬਚਾਉਣ ਲਈ ਖੇਤਰ 'ਚ ਮੈਡੀਕਲ ਕੈਂਪ ਲਗਾਉਣੇ ਬਹੁਤ ਜ਼ਰੂਰੀ ਹੋ ਗਏ ਹਨ, ਤਾਂ ਜੋ ਉੱਥੇ ਰਹਿਣ ਵਾਲੇ ਵਿਅਕਤੀਆਂ ਨੂੰ ਡਾਕਟਰੀ ਸਹੂਲਤਾਂ ਅਤੇ ਦਵਾਈਆਂ ਅਸਾਨੀ ਨਾਲ ਮੁਹੱਈਆ ਕਰਵਾਈਆਂ ਜਾ ਸਕਣ | ਜਲੰਧਰ 'ਚ ਇਕ ਜਨਹਿੱਤ ਸਮਾਗਮ ਦੀ ਸ਼ੁਰੂਆਤ ਮੌਕੇ ਅਰਦਾਸ ਕਰਨ ਪਹੁੰਚੇ ਗਿਆਨੀ ਰਘਬੀਰ ਸਿੰਘ ਨੇ ਪੱਤਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਦੀ ਆਮ ਜ਼ਿੰਦਗੀ ਦੀ ਫਿਰ ਤੋਂ ਸ਼ੁਰੂਆਤ ਹੋ ਸਕੇ, ਇਸ ਲਈ ਹੁਣ ਉਨ੍ਹਾਂ ਦੀਆਂ ਹੋਰ ਲੋੜਾਂ ਨੂੰ ਪੂਰਾ ਕਰਨ ਲਈ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਨੂੰ ਉਪਰਾਲਾ ਕਰਨਾ ਚਾਹੀਦਾ ਹੈ | ਸਿੰਘ ਸਾਹਿਬ ਨੇ ਕਿਹਾ ਕਿ ਮੁੜ ਵਸੇਬੇ ਦੇ ਇਸ ਕਾਰਜ ਨੂੰ ਨਿਰੰਤਰ ਜਾਰੀ ਰੱਖਣ ਲਈ ਬਹੁਤ ਸਾਰੀਆਂ ਸੰਸਥਾਵਾਂ ਵਲੋਂ ਵੱਡੇ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ, ਜੋ ਸਮੇਂ ਦੀ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਇਸ ਲਈ ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵੀ ਸ਼ਲਾਘਾ ਕਰਨੀ ਬਣਦੀ ਹੈ, ਕਿਉਂਕਿ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਜਿੱਥੇ ਸੈਂਕੜਿਆਂ ਟਰੱਕ ਪਸ਼ੂਆਂ ਦੇ ਚਾਰੇ, ਤੂੜੀ ਆਦਿ ਦੇ ਭੇਜੇ ਗਏ ਹਨ, ਉੱਥੇ ਉਨ੍ਹਾਂ ਵਲੋਂ 50 ਹਜ਼ਾਰ ਪਰਿਵਾਰਾਂ ਨੂੰ ਕਣਕ ਅਤੇ ਇਕ ਲੱਖ ਏਕੜ ਜ਼ਮੀਨ ਲਈ ਕਣਕ ਦਾ ਬੀਜ ਵੰਡੇ ਜਾਣ ਦਾ ਉਪਰਾਲਾ ਵੀ ਕੀਤਾ ਗਿਆ ਹੈ | ਗਿਆਨੀ ਰਘਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਹੜ੍ਹ ਦੇ ਪ੍ਰਭਾਵ ਨਾਲ ਪਿੱਛੜ ਗਏ ਪੰਜਾਬ ਨੂੰ ਮੁੜ ਲੀਹ 'ਤੇ ਲਿਆਉਣ ਲਈ ਵੱਡਾ ਹੰਬਲਾ ਮਾਰਨ, ਤਾਂ ਜੋ ਹੜ੍ਹਾ ਦੀ ਮਾਰ ਨਾਲ ਦਹਾਕਿਆਂ ਪਿੱਛੇ ਪੈ ਗਏ ਪੰਜਾਬ ਨੂੰ ਜਲਦ ਤੋਂ ਜਲਦ ਫਿਰ ਤਰੱਕੀ ਵਾਲੀ ਰਾਹ 'ਤੇ ਤੋਰਿਆ ਜਾ ਸਕੇ |