ਜਲੰਧਰ, 24 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੰਡੀਆਂ ਦੇ ਦੌਰੇ ਕਰਨ ਦੀ ਹਦਾਇਤ ਕੀਤੀ ਤਾਂ ਜੋ ਖ਼ਰੀਦ ਕਾਰਜਾਂ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ ¢ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼, ਜ਼ਿਲ੍ਹਾ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਐੱਸ. ਡੀ. ਐੱਮਜ਼, ਜ਼ਿਲ੍ਹਾ ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਮੰਡੀਆਂ ਦਾ ਨਿਯਮਿਤ ਤੌਰ 'ਤੇ ਜਾਇਜ਼ਾ ਲੈਣ ਲਈ ਕਿਹਾ ਤਾਂ ਜੋ ਝੋਨੇ ਦੀ ਵਿੱਕਰੀ ਵਿਚ ਜੇਕਰ ਕਿਤੇ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਹੱਲ ਕੀਤਾ ਜਾ ਸਕੇ¢ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਝੋਨੇ ਦੀ ਸੁਚੱਜੀ ਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ¢ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕਰਵਾਈ ਜਾਵੇ ਅਤੇ ਕਟਾਈ ਸਮੇਂ ਕੰਬਾਈਨ 'ਤੇ ਸੁਪਰ ਐੱਸ.ਐਮ.ਐੱਸ. ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ¢ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਜਾਵੇ¢ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਿਛਲੀ ਵਾਰ ਜਿਨ੍ਹਾਂ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਉੱਥੇ ਵਿਸ਼ੇਸ਼ ਤਵੱਜੋ ਦਿੱਤੀ ਜਾਵੇ¢ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀ. ਐੱਫ. ਐੱਸ. ਸੀ. ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ ¢