ਸ਼ਾਹਕੋਟ, 19 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਪਿੰਡ ਕੋਹਾੜ ਕਲਾਂ (ਸ਼ਾਹਕੋਟ) ਦੇ ਸਮਾਜ ਸੇਵਕ ਤੇ ਪਹਿਲਵਾਨ ਰਾਮ ਸਿੰਘ ਕੋਹਾੜ ਨੇ ਇਲਾਕਾ ਨਿਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੀਵਾਲੀ ਇਕ ਰੌਸ਼ਨੀਆਂ ਤੇ ਖ਼ੁਸ਼ੀਆਂ ਦਾ ਤਿਉਹਾਰ ਹੈ, ਇਹ ਤਿਉਹਾਰ ਸਾਨੂੰ ਲੋੜਵੰਦਾਂ ਦੀ ਮਦਦ ਕਰਕੇ ਮਨਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਸਾਨੂੰ ਪਟਾਕੇ ਬਿਲਕੁਲ ਵੀ ਨਹੀਂ ਚਲਾਉਣੇ ਚਾਹੀਦੇ, ਕਿਉਂਕਿ ਪਟਾਕਿਆਂ ਤੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਸਾਹ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਬਹੁਤ ਖ਼ਤਰਨਾਕ ਹੈ, ਇਸ ਨਾਲ ਉਨ੍ਹਾਂ ਦੀ ਪ੍ਰਸ਼ਾਨੀ ਹੋਰ ਵੀ ਵੱਧ ਸਕਦੀ ਹੈ | ਉਨ੍ਹਾਂ ਕਿਹਾ ਕਿ ਇਸ ਤਿਉਹਾਰ ਮੌਕੇ ਸਾਨੂੰ ਇਕ-ਇਕ ਪੌਦਾ ਲਗਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ ਤੇ ਆਸ-ਪਾਸ ਰਹਿੰਦੇ ਲੋਕਾਂ ਨੂੰ ਵੀ ਇਸ ਸੰਬੰਧੀ ਜਾਗਰੂਕ ਕਰਨਾ ਚਾਹੀਦਾ ਹੈ | ਹਰ ਇਕ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਤੇ ਦੂਜਿਆਂ ਦੀ ਸਿਹਤ ਨੂੰ ਸੁਰੱਖਿਅਤ ਰੱਖੇ ਤੇ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਏ |