ਜਲੰਧਰ, 6 ਦਸੰਬਰ (ਸ਼ਿਵ)- ਸ਼ਹਿਰ ਦੇ ਪ੍ਰਮੁੱਖ ਗੁਰੂ ਨਾਨਕ ਮਿਸ਼ਨ ਚੌਕ, ਜਿਸ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਗਈ ਹੈ, ਨੂੰ ਅੱਜ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਿਨੀਤ ਧੀਰ ਅਤੇ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਲੋਂ ਜਨਤਾ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ | ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ, ਮੇਅਰ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਭਰ ਦੇ ਪ੍ਰਮੁੱਖ ਚੌਕਾਂ ਅਤੇ ਚੌਰਾਹਿਆਂ ਦੇ ਨਵੀਨੀਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਤਹਿਤ ਕਈ ਚੌਕਾਂ ਦੀ ਪਹਿਲਾਂ ਹੀ ਸੁੰਦਰੀਕਰਨ ਅਤੇ ਆਧੁਨਿਕ ਡਿਜ਼ਾਈਨਾਂ ਨਾਲ ਨੁਹਾਰ ਬਦਲੀ ਗਈ ਹੈ | ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅੱਪਗ੍ਰੇਡ ਕੀਤੇ ਚੌਕਾਂ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਕਈ ਪ੍ਰਾਈਵੇਟ ਸੰਸਥਾਵਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਵੀਨੀਕਰਨ ਕੀਤਾ ਗਿਆ ਚੌਕ ਨਾ ਸਿਰਫ਼ ਯਾਤਰੀਆਂ ਨੂੰ ਤਾਜ਼ਗੀ ਭਰਿਆ ਅਤੇ ਸੁਹਾਵਣਾ ਦਿ੍ਸ਼ ਪ੍ਰਦਾਨ ਕਰੇਗਾ ਸਗੋਂ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਣ ਵਿੱਚ ਵੀ ਯੋਗਦਾਨ ਪਾਵੇਗਾ | ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਨਗਰ ਨਿਗਮ ਦੀ ਨਵੀਨੀਕਰਨ ਮੁਹਿੰਮ ਦੀ ਅਗਵਾਈ ਕਰਨ ਲਈ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਗਰ ਨਿਗਮ ਦੀ ਸਰਗਰਮ ਭੂਮਿਕਾ ਨੇ ਸ਼ਹਿਰ ਦੀ ਦਿੱਖ ਨੂੰ ਹੋਰ ਬਿਹਤਰ ਬਣਾਇਆ ਹੈ | ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਚੌਕਾਂ ਦੇ ਰੱਖ-ਰਖਾਅ ਦੀ ਨਿਯਮਿਤ ਤੌਰ 'ਤੇ ਨਿਗਰਾਨੀ ਕਰਨ ਅਤੇ ਇਸ ਕੰਮ ਲਈ ਜਿੰਮੇਵਾਰ ਸਹਿਯੋਗੀ ਸੰਗਠਨਾਂ ਨਾਲ ਤਾਲਮੇਲ ਕਰਨ ਦੀ ਹਦਾਇਤ ਕੀਤੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਚੌਕਾਂ ਦੀ ਸੁੰਦਰਤਾ ਆਉਣ ਵਾਲੇ ਸਾਲਾਂ ਲਈ ਸੁਰੱਖਿਅਤ ਰਹੇ |