ਜਲੰਧਰ, 18 ਦਸੰਬਰ (ਜਸਪਾਲ ਸਿੰਘ)-ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਰਸ਼ਨ ਨੂੰ ਸ਼ਾਨਦਾਰ ਦੱਸਦੇ ਹੋਏ ਦਾਅਵਾ ਕੀਤਾ ਕਿ ਸਾਲ 2027 ਦੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਪੰਜਾਬ ਅੰਦਰ ਧਮਾਕੇਦਾਰ ਵਾਪਸੀ ਕਰੇਗੀ ਅਤੇ ਆਉਣ ਵਾਲੀ ਸਰਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣੇਗੀ | ਉਨ੍ਹਾਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਵੱਡੀ ਪੱਧਰ 'ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤਣ 'ਚ ਸਫਲ ਰਿਹਾ ਹੈ | ਇਸ ਤੋਂ ਪਹਿਲਾਂ ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਵੀ ਪਾਰਟੀ ਵਧੀਆ ਪ੍ਰਦਰਸ਼ਨ ਕਰਦੀ ਹੋਈ ਦੂਸਰੇ ਸਥਾਨ 'ਤੇ ਆਈ ਸੀ | ਸ. ਗੱਗੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ 'ਤੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਭਰਨ ਤੋਂ ਰੋਕਿਆ ਗਿਆ ਸੀ ਪਰ ਇਸ ਦੇ ਬਾਵਜੂਦ ਵਿਰੋਧੀ ਧਿਰਾਂ ਇਨ੍ਹਾਂ ਚੋਣਾਂ 'ਚ ਸਰਕਾਰੀ ਜ਼ਬਰ ਦੇ ਬਾਵਜੂਦ ਵੱਡੀ ਗਿਣਤੀ ਸੀਟਾਂ ਜਿੱਤਣ 'ਚ ਕਾਮਯਾਬ ਰਹੀਆਂ ਹਨ |