ਜਲੰਧਰ, 20 ਦਸੰਬਰ (ਜਸਪਾਲ ਸਿੰਘ)-ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਜੌਹਲ, ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਜਥੇਬੰਦਕ ਸਕੱਤਰ ਗੁਰਮੀਤ ਪਲਾਹੀ, ਮਾਝਾ ਜ਼ੋਨ ਦੇ ਸਕੱਤਰ ਰਾਜਿੰਦਰ ਸਿੰਘ ਰੂਬੀ, ਦੁਆਬਾ ਜ਼ੋਨ ਦੇ ਸਕੱਤਰ ਰਵਿੰਦਰ ਚੋਟ ਅਤੇ ਮਾਝਾ ਜ਼ੋਨ ਦੇ ਸਕੱਤਰ ਗੁਰਚਰਨ ਸਿੰਘ ਨੂਰਪੁਰ ਨੇ ਮੌਜੂਦਾ ਸੱਤਾਧਾਰੀ ਵਰਗ ਵਲੋਂ ਦੇਸ਼ ਵਿਚ ਜਮਹੂਰੀਅਤ, ਧਰਮ ਨਿਰਪੱਖਤਾ ਤੇ ਸੰਘੀ ਢਾਂਚੇ ਨੂੰ ਲਗਾਤਾਰ ਲਾਈ ਜਾ ਰਹੀ ਢਾਹ 'ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ | ਮੰਚ ਦੇ ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਵਰਗੀ ਖ਼ੁਦਮੁਖ਼ਤਾਰ ਸੰਵਿਧਾਨਕ ਸੰਸਥਾ ਵਲੋਂ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ ਵਿਚ ਹੱਦ ਤੋਂ ਵੱਧ ਕਾਹਲੀ ਦਿਖਾਉਣ ਅਤੇ ਇਸ ਕਾਰਨ ਕੰਮ ਦਾ ਬੋਝ ਵਧਣ ਸਦਕਾ 33 ਦੇ ਲਗਭਗ ਬੂਥ ਪੱਧਰ ਦੇ ਅਧਿਕਾਰੀਆਂ (ਬੀ.ਐੱਲ.ਓ.) ਦੀਆਂ ਦੇਸ਼ ਵਿਚ ਮੌਤਾਂ ਬੇਹੱਦ ਗੰਭੀਰ ਮਾਮਲਾ ਹੈ | ਇਸ ਦੇ ਨਾਲ ਹੀ ਉਨ੍ਹਾਂ ਮਹਾਤਮਾ ਗਾਂਧੀ ਰਾਸ਼ਟਰੀ ਦਿਹਾਤੀ ਰੁਜ਼ਗਾਰ ਗਾਰੰਟੀ ਯੋਜਨਾ ਕਾਨੂੰਨ ਦਾ ਨਾਂਅ ਬਦਲਣ ਨੂੰ ਵੀ ਫ਼ਿਰਕੂ ਧਰੁਵੀਕਰਨ ਦੀ ਰਾਜਨੀਤੀ ਨੂੰ ਅੱਗੇ ਵਧਾਉਣ ਦਾ ਯਤਨ ਕਰਾਰ ਦਿੱਤਾ ਹੈ | ਮੰਚ ਦੇ ਆਗੂਆਂ ਨੇ ਕਿਹਾ ਹੈ ਕਿ ਮੌਜੂਦਾ ਕੇਂਦਰੀ ਸਰਕਾਰ ਦੇ ਦੌਰ ਵਿਚ ਸੰਵਿਧਾਨਕ ਸੰਸਥਾਵਾਂ ਦੀ ਵਿਸ਼ਵਾਸਯੋਗਤਾ ਵਿਚ ਭਾਰੀ ਕਮੀ ਆਉਂਦੀ ਜਾ ਰਹੀ ਹੈ | ਦੇਸ਼ ਵਿਚ ਜਮਹੂਰੀਅਤ ਤੇ ਧਰਮ ਨਿਰਪੱਖਤਾ ਨੂੰ ਬਚਾਉਣ ਲਈ ਸਿਆਸੀ ਪਾਰਟੀਆਂ ਅਤੇ ਬੁੱਧੀਜੀਵੀਆਂ ਅਤੇ ਮੀਡੀਆ ਕਰਮੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ |