ਜਲੰਧਰ, 21 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਕੀਰਤਨ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਢੋਟੀਆਂ ਨੇ ਅੱਜ ਦੇ ਇਤਿਹਾਸਕ ਦਿਹਾੜੇ ਤੇ ਧਰਮ ਦੀ ਖਾਤਰ ਸ਼ਹੀਦ ਹੋਣ ਵਾਲੇ ਮਹਾਨ ਸੂਰਮਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਸੰਬੰਧੀ ਬੜੇ ਵਿਦਵਤਾ ਭਰਪੂਰ ਵੀਚਾਰ ਸੰਗਤਾਂ ਨਾਲ ਸਾਂਝੇ ਕੀਤੇ | ਸਟੇਜ ਦੀ ਸੇਵਾ ਸਕੱਤਰ ਇੰਦਰਪਾਲ ਸਿੰਘ ਨੇ ਨਿਭਾਈ | ਵਰਨਣਯੋਗ ਹੈ ਪਿਛਲੇ 18 ਸਾਲ ਤੋਂ ਉਪਰੋਕਤ ਪਰਿਵਾਰ ਵਲੋਂ ਇਹ ਸਮਾਗਮ ਨੇਮ ਨਾਲ ਮਨਾਏ ਜਾਂਦੇ ਹਨ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਕੁਲਵੰਤਬੀਰ ਸਿੰਘ ਕਾਲੜਾ, ਗੁਰਮੀਤ ਸਿੰਘ ਜਨਰਲ ਸਕੱਤਰ, ਖਜ਼ਾਨਚੀ ਜਗਜੀਤ ਸਿੰਘ, ਇੰਦਰਪਾਲ ਸਿੰਘ ਅਰੋੜਾ, ਹਰਬੰਸ ਸਿੰਘ, ਅੰਮਿ੍ਤਪਾਲ ਸਿੰਘ, ਗੁਰਜੀਤ ਸਿੰਘ ਪੋਪਲੀ, ਅਮਨਦੀਪ ਸਿੰਘ ਭੋਲਾ ਛਾਬੜਾ, ਜਸਬੀਰ ਸਿੰਘ ਸੇਠੀ, ਬਿਸ਼ਨ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ |