ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਗਰਮ ਸਾਥੀਆਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ 5 ਜੂਨ ਨੂੰ ਨਰਿੰਦਰਦੀਪ ਸਿੰਘ ਦੀ ਮੌਤ ਦੇ ਮਾਮਲੇ ਵਿਚ ਐੱਸ.ਐੱਸ.ਪੀ. ਦਫ਼ਤਰ ਬਠਿੰਡਾ ਦੇ ਸਾਹਮਣੇ ਦਿੱਤੇ ਜਾ ਰਹੇ ਧਰਨੇ ਵਿਚ ਵੱਡੀ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ | ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਤੇ ਜ਼ਿਲ੍ਹਾ ਸਕੱਤਰ ਨੌਨਿਹਾਲ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਪੁਲਿਸ ਹਿਰਾਸਤ ਵਿਚ ਗੋਨਿਆਣਾ ਮੰਡੀ ਦੇ ਨੌਜਵਾਨ ਅਧਿਆਪਕ ਨਰਿੰਦਰਦੀਪ ਸਿੰਘ ਨੂੰ ਬਠਿੰਡਾ ਦੇ ਸੀ.ਆਈ.ਏ. ਸਟਾਫ਼ ਵਲੋਂ ਕਥਿਤ ਅਣਮਨੁੱਖੀ ਤਸ਼ੱਦਦ ਕੀਤਾ ਗਿਆ | ਜ਼ਿਲ੍ਹਾ ਖ਼ਜ਼ਾਨਚੀ ਮਮਤਾ ਆਜ਼ਾਦ ਤੇ ਵਿਦਿਆਰਥੀ ਆਗੂ ਇੰਦਰਜੀਤ ਸਿੰਘ ਨੇ ਕਿਹਾ ਕਿ ਨਰਿੰਦਰਦੀਪ ਸਿੰਘ ਨੂੰ ਐਕਸੀਡੈਂਟ ਦਾ ਰੂਪ ਦੇਣ ਦੀ ਕੋਸ਼ਿਸ਼ ਕਰਨਾ ਇਹ ਸਾਫ਼ ਕਰਦਾ ਹੈ ਕਿ ਪੁਲਿਸ ਨੂੰ ਕਿਸੇ ਦਾ ਕੋਈ ਡਰ ਨਹੀਂ ਅਤੇ ਨਾ ਹੀ ਕੋਈ ਜਵਾਬਦੇਹੀ ਹੈ | ਇਕ ਕਾਬਲ ਅਧਿਆਪਕ ਤੇ ਪੰਜਾਬ ਦੀ ਨੌਜਵਾਨੀ ਦਾ ਘਾਣ ਲੋਕ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਮੰਗ ਕੀਤੀ ਕਿ ਰਿੰਦਰਦੀਪ ਸਿੰਘ ਦੀ ਮੌਤ ਦੇ ਮਾਮਲੇ ਵਿਚ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਕਤਲ ਦਾ ਪਰਚਾ ਦਰਜ ਕੀਤਾ ਜਾਵੇ, ਸਮੁੱਚੇ ਕੇਸ ਦੀ ਸਮਾਂਬੱਧ ਤਰੀਕੇ ਨਾਲ ਨਿਆਂਇਕ ਜਾਂਚ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਤੇ ਨਰਿੰਦਰਦੀਪ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਇਨ੍ਹਾਂ ਮੰਗਾਂ ਨੂੰ ਪੂਰੀਆਂ ਕਰਵਾਉਣ ਅਤੇ ਪੁਲਿਸ ਦੀ ਦਹਿਸ਼ਤ ਨੂੰ ਖ਼ਤਮ ਕਰਨ ਲਈ ਨਰਿੰਦਰਦੀਪ ਹਿਰਾਸਤੀ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ 5 ਜੂਨ ਨੂੰ ਬਠਿੰਡਾ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਏ ਜਾਂ ਰਹੇ ਧਰਨੇ ਵਿਚ ਵੱਡੀ ਗਿਣਤੀ ਵਿਦਿਆਰਥੀ ਸ਼ਾਮਿਲ ਹੋਣਗੇ |