ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ | ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਲੁਧਿਆਣਾ ਸ਼ਹਿਰ ਵਿਚ 11 ਜੂਨ ਨੂੰ ਹੋਣ ਵਾਲੇ ਝੰਡਾ ਮਾਰਚ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੂਬਾ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ, ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੂਬੇ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਸਾਰੇ ਸਰਕਾਰੀ ਵਿਭਾਗਾਂ ਵਿਚ ਵੱਖ-ਵੱਖ ਕੈਟਾਗਿਰੀਆ ਅਧੀਨ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਤ੍ਰਾਸਦੀ ਇਹ ਹੈ ਕਿ ਵਰਤਮਾਨ ਪੰਜਾਬ ਸਰਕਾਰ ਦੇ ਸੱਤਾ ਵਿਚ ਆਉਣ ਵਿਚ 3 ਸਾਲ ਬੀਤ ਚੁੱਕੇ ਹਨ, ਪਰ ਹਾਲੇ ਤੱਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਮੰਗ ਦਾ ਹੱਲ ਨਹੀਂ ਹੋ ਸਕਿਆ ਹੈ | ਪੰਜਾਬ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤਕਰਨ ਕਰਨ ਵਾਲੀਆ ਨੀਤੀਆਂ ਨੂੰ ਲਾਗੂ ਕਰਨ ਵਿਚ ਬਜਿੱਦ ਹੈ | ਉਨ੍ਹਾਂ ਮੰਗ ਕੀਤੀ ਕਿ ਸਥਾਈ ਸੇਵਾ ਦੀ ਲੋੜ ਦੇ ਆਧਾਰ 'ਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਪੱਕੇ ਰੁਜ਼ਗਾਰ ਦੀ ਗਾਰੰਟੀ ਕੀਤੀ ਜਾਵੇ | ਇਸੇ ਆਧਾਰ 'ਤੇ ਸਰਕਾਰੀ ਵਿਭਾਗਾਂ ਵਿਚ ਤਾਇਨਾਤ ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਸੰਬੰਧਿਤ ਵਿਭਾਗਾਂ ਵਿਚ ਲਿਆ ਕੇ ਤਜਰਬੇ ਦੇ ਆਧਾਰ 'ਤੇ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ 11 ਜੂਨ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਲੁਧਿਆਣਾ ਸ਼ਹਿਰ ਵਿਚ ਝੰਡਾ ਮਾਰਚ ਕੀਤਾ ਜਾਵੇਗਾ, ਜਿਸ ਵਿਚ ਜਲ ਸਪਲਾਈ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ |