ਸ੍ਰੀ ਮੁਕਤਸਰ ਸਾਹਿਬ, 4 ਜੂਨ (ਸੁਖਪਾਲ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਅਗਵਾਈ ਵਿਚ ਸ਼ਹਿਰ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਜ਼ਿਲ੍ਹੇ ਵਿਚ ਘਰ-ਘਰ ਜਾ ਕੇ ਡੇਂਗੂ ਫ਼ੈਲਣ ਤੋਂ ਬਚਾਅ ਸੰਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ | ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ | ਇਸ ਮੌਕੇ ਭਗਵਾਨ ਦਾਸ ਤੇ ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਨਜ਼ਰ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ | ਅੱਜ ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫ਼ਸਰ, ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਮਨੀਸ਼ ਕੁਮਾਰ, ਸੱਤਪਾਲ ਸਿੰਘ, ਅੰਮਿ੍ਤਪਾਲ ਸਿੰਘ ਅਤੇ ਬ੍ਰੀਡਿੰਗ ਚੈੱਕਰ ਵਲੋਂ ਦਸਮੇਸ਼ ਨਗਰ, ਥਾਂਦੇਵਾਲਾ ਰੋਡ, ਚੱਕ ਬੀੜ ਸਰਕਾਰ ਰੋਡ, ਨਾਲ ਲਗਦੇ ਏਰੀਏ ਅਤੇ ਹੋਰ ਜਨਤਕ ਥਾਵਾਂ ਵਿਚ ਘਰ-ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ |