ਫ਼ਰੀਦਕੋਟ, 6 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪੱਖੀ ਕਲਾਂ ਦੇ ਸਰਕਾਰ ਸਕੂਲ ਸਾਹਮਣੇ ਨਸ਼ੇ ਦੀ ਹਾਲਤ 'ਚ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਭਰਤੀ ਕਰਾਇਆ ਜਾ ਰਿਹਾ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਸੱਤਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਪ੍ਰੇਮ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਪੱਖੀ ਕਲਾਂ ਸਰਕਾਰ ਸਕੂਲ ਪੱਖੀ ਕਲਾਂ ਦੇ ਸਾਹਮਣੇ ਨਸ਼ੇ ਦੀ ਹਾਲਤ ਵਿਚ ਬੈਠਾ ਹੈ | ਉਨ੍ਹਾਂ ਦੱਸਿਆ ਕਿ ਮੌਕੇ 'ਤੇ ਰੇਡ ਕਰਕੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਪਾਜ਼ਟਿਵ ਆਇਆ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਨ ਸਬੰਧੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |