ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਕੀਤੇ ਐਲਾਨ ਅਤੇ ਵਾਅਦਿਆਂ ਤੋਂ ਭੱਜਣ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ 28 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਲਖਰਜ ਸਿੰਘ ਬਰਾੜ ਅਤੇ ਸੂਬਾ ਕਮੇਟੀ ਮੈਂਬਰ ਹਰਜੀਤ ਸਿੰਘ ਸੰਧੂ ਨੇ ਸਾਂਝੇ ਤੌਰ 'ਤੇ ਪ੍ਰੈੱਸ ਨੂੰ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਲਗਪਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਆਲਾ ਅਫ਼ਸਰਾਂ ਨਾਲ ਜਥੇਬੰਦੀ ਦੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚ ਜਥੇਬੰਦੀ ਦੇ ਪੱਲੇ ਲਾਰਿਆ ਤੋਂ ਸਿਵਾਏ ਕੁਝ ਨਹੀਂ ਪਾਇਆ ਗਿਆ, ਜਿਸ ਕਾਰਨ ਸੂਬੇ ਦੇ ਸਾਰੇ ਕੰਪਿਊਟਰ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਹੁਣ ਕੰਪਿਊਟਰ ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ, ਜਦੋਂ ਪੰਜਾਬ ਸਰਕਾਰ ਮਾਣਯੋਗ ਹਾਈਕੋਰਟ ਪੰਜਾਬ ਵਲੋਂ ਆਏ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫ਼ੈਸਲਾ ਨੂੰ ਲਾਗੂ ਕਰਨ ਦੇ ਬਜਾਏ ਮਾਣਯੋਗ ਸੁਪਰੀਮ ਕੋਰਟ ਵਿਖੇ ਚੁਣੌਤੀ ਦੇਣ ਜਾ ਰਹੀ ਹੈ | ਜਥੇਬੰਦੀ ਵਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਕੇ ਲਾਗੂ ਨਹੀਂ ਕਰਦੀ ਤਾਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਰਾਜਸੀ ਸਮਾਗਮਾਂ ਵਿਚ ਪਹੁੰਚ ਕੇ ਪੰਜਾਬ ਸਰਕਾਰ ਦਾ ਕੰਪਿਊਟਰ ਅਧਿਆਪਕ ਅਤੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ ਅਤੇ ਜਥੇਬੰਦੀ ਵਲੋਂ 28 ਸਤੰਬਰ ਨੂੰ ਗੁਰੀਲਾ ਢੰਗ ਨਾਲ ਗੁਪਤ ਐਕਸ਼ਨ ਕੀਤਾ ਜਾਵੇਗਾ | ਰੈਲੀ ਦੌਰਾਨ ਸੂਬਾ ਕਮੇਟੀ, ਜ਼ਿਲ੍ਹਾ ਕਮੇਟੀਆਂ ਅਤੇ ਪੰਜਾਬ ਭਰ 'ਚ ਕੰਪਿਊਟਰ ਅਧਿਆਪਕ ਸ਼ਾਮਿਲ ਹੋਣਗੇ |