ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਆਈ.ਟੀ.ਆਈਜ਼. ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ 'ਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਸਰਕਾਰੀ ਆਈ.ਟੀ.ਆਈਜ਼. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਆਮ ਆਦਮੀ ਪਾਰਟੀ ਪ੍ਰਧਾਨ, ਕੱਚਿਆਂ ਨੂੰ ਪੱਕਾ ਕਰਨ ਲਈ ਬਣਾਈ ਸਬ ਕਮੇਟੀ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ 5 ਅਕਤੂਬਰ ਨੂੰ ਧਰਨਾ ਦਿੱਤਾ ਜਾਵੇਗਾ, ਜਿਸ 'ਚ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ ਸੂਬਾ ਕਮੇਟੀ ਮੈਂਬਰ ਰਾਜਨ ਕਪੂਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਹ ਪਿਛਲੇ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼. 'ਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਬਹੁਤ ਹੀ ਨਿਗੂਣੀ ਤਨਖ਼ਾਹ ਸਿਰਫ਼ 15,000 ਪ੍ਰਤੀ ਮਹੀਨਾ ਉੱਪਰ ਆਪਣਾ ਸੋਸ਼ਣ ਕਰਵਾ ਰਹੇ ਹਨ | ਉਨ੍ਹਾਂ ਦੀ ਭਰਤੀ ਵਿਭਾਗ ਵਲੋਂ ਸਮੇਂ-ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਸੀ, ਪ੍ਰੰਤੂ ਫ਼ਿਰ ਵੀ ਪੰਜਾਬ ਸਰਕਾਰ ਉਨ੍ਹਾਂ ਨਾਲ ਸਰਾਸਰ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਤਾਂ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ | ਜੇਕਰ ਹੱਕੀ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ ਜਥੇਬੰਦੀ ਨੂੰ ਮਜ਼ਬੂਰਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦਿੱਲੀ ਵੱਲ ਕੂਚ ਕਰਨਾ ਪਵੇਗਾ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਰਕਾਰੀ ਆਈ.ਟੀ.ਆਈਜ਼. ਵਿਚ ਕੰਮ ਕਰ ਰਹੇ ਸਾਰੇ ਕਰਾਫ਼ਟ ਇੰਸਟਰਕਟਰਾਂ ਨੂੰ ਵਿਭਾਗ ਅਧੀਨ ਲੈ ਕੇ ਬੇਸਿਕ ਤਨਖ਼ਾਹ 35,400 ਦੇ ਨਾਲ 3 ਪ੍ਰਤੀਸ਼ਤ ਸਾਲਾਨਾ ਇੰਕਰੀਮੈਂਟ ਨਾਲ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ ਦੇਣੀ ਯਕੀਨੀ ਬਣਾਏ |