ਮਲੋਟ, 4 ਨਵੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਬੁਰਜ ਸਿੱਧਵਾਂ ਅਤੇ ਗੁਰੂਸਰ ਯੋਧਾ 'ਚ 70 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ | ਉਨ੍ਹਾਂ ਵਲੋਂ ਪਿੰਡ ਬੁਰਜ ਸਿੱਧਵਾਂ ਤੇ ਗੁਰੂਸਰ ਯੋਧਾ ਵਿਖੇ 35-35 ਲੱਖ ਦੀ ਲਾਗਤ ਨਾਲ ਹੈਲਥ ਵੈਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਗੁਰੂਸਰ ਯੋਧਾ 'ਚ ਵਾਟਰ ਵਰਕਸ ਦਾ ਜਾਲ, ਟਿੱਬਾ ਕਾਲੋਨੀ 'ਚ ਪਾਣੀ ਦੀ ਨਿਕਾਸੀ, ਸੁੱਕੇ-ਗਿੱਲੇ ਕੂੜੇ ਦੀ ਸੰਭਾਲ, ਢਾਣੀਆਂ ਨੂੰ ਇੰਟਰਲਾਕ ਟਾਇਲ ਦੇ ਕੰਮ ਵੀ ਕਰਵਾਏ ਗਏ ਹਨ | ਇਸ ਮੌਕੇ ਬੋਲਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਇਕ ਕਰਕੇ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਲੰਬੀ ਹਲਕੇ 'ਚ ਕਿਸੇ ਵੀ ਵਿਕਾਸ ਕਾਰਜ ਲਈ ਫ਼ੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਤੇ ਹਰ ਪ੍ਰਾਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇਕ-ਇਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ਵਿਚ ਲਿਆਂਦਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਉਨ੍ਹਾਂ ਵਿਚੋਂ ਕਈ ਮੌਕੇ 'ਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸੰਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਇਸ ਮੌਕੇ ਸਰਪੰਚ ਰਣਜੀਤ ਸਿੰਘ, ਸੁਖਪਾਲ ਸਿੰਘ, ਬਲਕਾਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਗੁਰਮੀਤ ਸਿੰਘ ਰਾੜੀਆ, ਸਰਪੰਚ ਰਸ਼ਪਾਲ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ ਭਾਗੂ, ਪੀ.ਏ. ਗੁਰਬਾਜ ਸਿੰਘ ਆਦਿ ਹਾਜ਼ਰ ਸਨ |