ਫ਼ਰੀਦਕੋਟ, 18 ਦਸੰਬਰ (ਜਸਵੰਤ ਸਿੰਘ ਪੁਰਬਾ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਨੇ 530 ਗਰਾਮ ਆਈਸ ਡਰੱਗ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਅਰਚਿੱਤ ਚਪਰਾਣਾ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਸੂਬੇ ਦੇ ਮੇਰਠ ਜ਼ਿਲ੍ਹੇ ਦੇ ਭਗਵਾਨਪੁਰ ਭਾਗਰ ਦਾ ਰਿਹਾਇਸ਼ੀ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਏਰੀਆ 'ਚ ਗਸ਼ਤ ਕਰ ਰਹੇ ਸੀ ਤਾਂ ਕੋਠੇ ਡੋਡ ਵਾਲੇ ਰਸਤੇ ਦੇ ਮੋੜ ਪਰ ਇਹ ਵਿਅਕਤੀ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਅ 'ਤੇ ਇਸ ਨੂੰ ਕਾਬੂ ਕੀਤਾ | ਜਿਸ ਦੀ ਤਲਾਸ਼ੀ ਲਈ ਤਰਲੋਚਨ ਸਿੰਘ ਡੀ.ਐਸ.ਪੀ ਫ਼ਰੀਦਕੋਟ ਮੌਕਾ ਪਰ ਪਹੁੰਚੇ | ਜਿਨ੍ਹਾਂ ਦੀ ਹਾਜ਼ਰੀ 'ਚ ਪੁਲਿਸ ਪਾਰਟੀ ਵਲੋਂ ਤਲਾਸ਼ੀ ਕਰਨ 'ਤੇ ਦੋਸ਼ੀ ਦੀ ਕਿੱਟ ਵਿਚੋਂ 530 ਗ੍ਰਾਮ ਆਈਸ ਡਰੱਗ ਬਰਾਮਦ ਹੋਈ | ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਇਹ ਨਸ਼ੇ ਦੀ ਖੇਪ ਨੂੰ ਅੱਗੇ ਸਪਲਾਈ ਕਰਨ ਲਈ ਜਾ ਰਿਹਾ ਸੀ, ਜਿਸ ਨੂੰ ਫ਼ਰੀਦਕੋਟ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਾਬੂ ਕੀਤਾ ਹੈ | ਪੁਲਿਸ ਵਲੋਂ ਦੋਸ਼ੀ ਦੇ ਨੈੱਟਵਰਕ, ਸਾਥੀਆਂ ਤੇ ਸਪਲਾਈ ਲਿੰਕਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਇਸ ਗਿਰੋਹ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ | ਦੱਸਣਯੋਗ ਹੈ ਕਿ ਇਸ ਦੇ ਖ਼ਿਲਾਫ਼ ਪਹਿਲਾਂ ਵੀ ਕਈ ਸੰਗੀਨ ਧਾਰਾਵਾਂ ਤਹਿਤ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਥਾਣਿਆਂ ਅੰਦਰ ਕੁੱਲ 9 ਮੁਕੱਦਮੇ ਦਰਜ ਰਜਿਸਟਰ ਹਨ | ਉਕਤ ਮੁਕੱਦਮੇ ਵਿਚ ਗਿ੍ਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ |