ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਵਿਚ ਨਸ਼ਿਆਂ ਵਿਰੁੱਧ ਬੇਮਿਸਾਲ ਤੇ ਲਗਾਤਾਰ ਕਾਰਵਾਈਆਂ ਕੀਤੀਆਂ ਗਈਆਂ ਹਨ | ਐੱਸ.ਐੱਸ.ਪੀ. ਵਲੋਂ ਤਿਆਰ ਕੀਤੀਆਂ ਵਿਸ਼ੇਸ਼ ਪੁਲਿਸ ਟੀਮਾਂ ਜ਼ਿਲ੍ਹੇ ਅੰਦਰ ਰਾਤ-ਦਿਨ ਸਰਚ ਮੁਹਿੰਮਾਂ ਤੇ ਨਾਕਾਬੰਦੀਆਂ ਰਾਹੀਂ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਰਹੀਆਂ ਹਨ | ਇਸੇ ਤਹਿਤ ਪਿਛਲੇ ਇਕ ਮਹੀਨੇ ਦੌਰਾਨ ਕੁੱਲ 92 ਮੁਕੱਦਮੇ ਦਰਜ ਕਰਕੇ 135 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਕਾਰਵਾਈ ਦੌਰਾਨ ਦੋਸ਼ੀਆਂ ਪਾਸੋਂ ਹੈਰੋਇਨ 775 ਗ੍ਰਾਮ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲ 1743, ਪੋਸਤ 27 ਕਿੱਲੋ 90 ਗ੍ਰਾਮ, ਡਰੱਗ ਮਨੀ 8,58,640 ਰੁਪਏ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਸਕੂਲਾਂ ਤੇ ਕਾਲਜਾਂ ਵਿਚ ਪਿਛਲੇ ਇਕ ਮਹੀਨੇ ਦੌਰਾਨ 40 ਜਾਗਰੂਕਤਾ ਸੈਮੀਨਾਰ ਕਰਵਾਏ ਗਏ ਹਨ | ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਰਾਹੀਂ ਗ਼ੈਰਕਾਨੂੰਨੀ ਤਰੀਕੇ ਨਾਲ ਇਕੱਠੀ ਕੀਤੀ ਗਈ ਜਾਇਦਾਦ/ਪ੍ਰਾਪਰਟੀ ਦੀ ਵੈਰੀਫ਼ਿਕੇਸ਼ਨ ਉਪਰੰਤ ਕਾਨੂੰਨ ਅਨੁਸਾਰ ਕੰਪੀਟੈਂਟ ਅਥਾਰਟੀ ਪਾਸੋਂ ਉਸ ਨੂੰ ਫਰੀਜ਼ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ 'ਤੇ ਪੁਲਿਸ ਵਲੋਂ ਖ਼ਾਸ ਤੌਰ 'ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਗ਼ੈਰਕਾਨੂੰਨੀ ਸਰਗਰਮੀ ਨੂੰ ਸ਼ੁਰੂਆਤੀ ਪੱਧਰ 'ਤੇ ਹੀ ਰੋਕਿਆ ਜਾ ਸਕੇ ਅਤੇ ਕੋਈ ਵੀ ਨਸ਼ਾ ਤਸਕਰ ਮੁੜ ਤੋਂ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਨਾ ਹੋ ਸਕੇ | ਇਸ ਦੌਰਾਨ ਪੁਲਿਸ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ 'ਚ ਪੁਲਿਸ ਦਾ ਪੂਰਾ ਸਹਿਯੋਗ ਕੀਤਾ ਜਾਵੇ |