ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਫ਼ੌਜ ਦੇ ਸੇਵਾ ਮੁਕਤ ਸੂਬੇਦਾਰ ਜਸਵਿੰਦਰ ਸਿੰਘ ਗੰਧੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਬਹੁਤ ਹੀ ਪਵਿੱਤਰ ਤੇ ਇਤਿਹਾਸਕ ਮਹੱਤਤਾ ਵਾਲੀ ਹੈ | ਪਰ ਅਫ਼ਸੋਸ ਦੀ ਗੱਲ ਹੈ ਕਿ ਐਨੀ ਵੱਡੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਹੋਣ ਦੇ ਬਾਵਜੂਦ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਕਾਸ ਪੱਖੋਂ ਕਾਫ਼ੀ ਪਿੱਛੇ ਹੈ | ਸ਼ਹਿਰ ਦੀਆਂ ਸੜਕਾਂ ਟੁੱਟੀਆਂ ਹੋਈਆਂ ਹਨ, ਗਲੀਆਂ ਦੀ ਹਾਲਤ ਬੇਹੱਦ ਖ਼ਰਾਬ ਹੈ ਤੇ ਕਈ ਥਾਵਾਂ 'ਤੇ ਸੀਵਰੇਜ਼ ਤੇ ਪੀਣ ਵਾਲਾ ਪਾਣੀ ਸੜਕਾਂ 'ਤੇ ਵਗ ਰਿਹਾ ਹੈ | ਇਸ ਕਾਰਨ ਸ਼ਹਿਰ ਵਾਸੀਆਂ ਨਾਲ-ਨਾਲ ਦੂਰੋਂ ਆਉਣ ਵਾਲੀਆਂ ਸੰਗਤਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਆਵਾਜਾਈ ਦੀ ਸਥਿਤੀ ਬਹੁਤ ਹੀ ਗੰਭੀਰ ਬਣੀ ਹੋਈ ਹੈ | ਹਰ ਸਮੇਂ ਟ੍ਰੈਫ਼ਿਕ ਜਾਮ ਲੱਗਾ ਰਹਿੰਦਾ ਹੈ | ਖ਼ਾਸ ਕਰਕੇ ਬੱਸ ਸਟੈਂਡ ਤੇ ਮੁੱਖ ਸੜਕਾਂ ਦੇ ਨੇੜੇ ਆਵਾਜਾਈ ਦੀ ਸਮੱਸਿਆ ਹੈ | ਬੱਸ ਸਾਡੇ ਕੋਲ ਮਲੋਟ ਰੋਡ 'ਤੇ ਫ਼ਲਾਂ ਤੇ ਸਬਜ਼ੀਆਂ ਦੇ ਰੇਹੜੇ ਖੜੇ੍ਹ ਰਹਿੰਦੇ ਹਨ, ਪਰ ਪੁਲਿਸ ਪ੍ਰਸ਼ਾਸਨ ਸੁੱਤਾ ਪਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਆਮ ਆਦਮੀ ਪਾਰਟੀ ਦੇ ਮੰਤਰੀ ਤੇ ਵਿਧਾਇਕ ਹੋਣ ਦੇ ਬਾਵਜੂਦ ਪਿਛਲੇ ਕਰੀਬ ਚਾਰ ਸਾਲਾਂ 'ਚ ਸ਼ਹਿਰ ਦੇ ਵਿਕਾਸ ਵੱਲ ਕੋਈ ਢੁਕਵਾਂ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਪਵਿੱਤਰ ਧਰਤੀ ਦਾ ਯੋਗ ਮਰਿਆਦਾ ਅਨੁਸਾਰ ਵਿਕਾਸ ਕੀਤਾ ਜਾਵੇ |