ਸ੍ਰੀ ਮੁਕਤਸਰ ਸਾਹਿਬ, 20 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਇਕੋ ਸਮੇਂ ਜ਼ਿਲ੍ਹੇ ਦੀਆਂ ਚਾਰ ਸਬ ਡਵੀਜ਼ਨਾਂ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ) ਵਿਚ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ (ਕਾਸੋ) ਕੀਤਾ ਗਿਆ | ਇਸ ਦੌਰਾਨ ਬਚਨ ਸਿੰਘ ਡੀ.ਐੱਸ.ਪੀ., ਹਰਜੀਤ ਸਿੰਘ ਆਈ.ਪੀ.ਐੱਸ. (ਸੀ.ਏ.ਡਬਲਯੂ. ਐਂਡ ਸੀ), ਰਛਪਾਲ ਸਿੰਘ ਡੀ.ਐੱਸ.ਪੀ., ਰਾਜੇਸ਼ ਠਾਕੁਰ ਆਈ.ਪੀ.ਐੱਸ. (ਐੱਚ ਐਂਡ ਐੱਫ਼), ਅੰਗਰੇਜ਼ ਸਿੰਘ ਆਈ.ਪੀ.ਐੱਸ. (ਮਲੋਟ), ਪ੍ਰਦੀਪ ਸਿੰਘ ਆਈ.ਪੀ.ਐੱਸ. (ਐੱਨ.ਡੀ.ਪੀ.ਐੱਸ.), ਹਰਬੰਸ ਸਿੰਘ ਆਈ.ਪੀ.ਐੱਸ. (ਲੰਬੀ) ਸਮੇਤ ਮੁੱਖ ਅਧਿਕਾਰੀਆਂ ਦੇ 300 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਸਨ | ਇਸ ਸਰਚ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਰੋਬਾਰ ਜਾਂ ਗ਼ੈਰਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਦੇ ਟਿਕਾਣਿਆਂ 'ਤੇ ਰੇਡ ਕੀਤੇ ਗਏ | ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਤੋਂ ਐੱਨ.ਡੀ.ਪੀ.ਐੱਸ. ਐਕਟ ਦੇ ਮੁਕੱਦਮੇ ਦਰਜ ਸਨ, ਉਨ੍ਹਾਂ ਦੇ ਟਿਕਾਣਿਆਂ ਦੀ ਵੀ ਚੈਕਿੰਗ ਕੀਤੀ ਗਈ | ਸਰਚ ਮੁਹਿੰਮ ਦੌਰਾਨ ਪੁਲਿਸ ਵਲੋਂ ਏਰੀਏ ਨੂੰ ਸੀਲ ਕੀਤਾ ਗਿਆ ਅਤੇ ਨਾਕਾਬੰਦੀ ਕਰਕੇ ਨਸ਼ਾ ਤਕਸਰਾਂ, ਵਾਹਨਾਂ ਤੇ ਸ਼ੱਕੀ ਨੰਬਰ ਪਲੇਟਾਂ ਵਾਲੀਆਂ ਗੱਡੀਆਂ ਦੀ ਜਾਂਚ ਲਈ ਵਾਹਨ ਐਪ ਦੀ ਮਦਦ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਪੀ.ਏ.ਆਈ.ਐੱਸ. ਐਪ ਦੀ ਵਰਤੋਂ ਕੀਤੀ ਗਈ | ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋ ਖ਼ਾਸ ਤੌਰ 'ਤੇ ਆਵਾਜਾਈ ਵਾਲੀਆਂ ਥਾਵਾਂ ਜਿਵੇਂ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਤੌਰ 'ਤੇ ਟੀਮਾਂ ਤਾਇਨਾਤ ਕਰਕੇ ਬੱਸਾਂ ਤੇ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਗਈ | ਅੱਜ ਕਾਸੋ ਆਪ੍ਰੇਸ਼ਨ ਦੌਰਾਨ ਐੱਨ.ਡੀ.ਪੀ.ਐੱਸ. ਐਕਟ ਦੇ 7 ਮੁਕੱਦਮੇ ਦਰਜ ਕਰਕੇ 8 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 119 ਗ੍ਰਾਮ ਹੈਰੋਇਨ, 1 ਕਿੱਲੋ ਅਫੀਮ, 65 ਨਸ਼ੀਲੀਆਂ ਗੋਲੀਆਂ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ | ਐੱਸ.ਐੱਸ.ਪੀ. ਨੇ ਚਿਤਾਵਨੀ ਦਿੱਤੀ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |