ਸ੍ਰੀ ਮੁਕਤਸਰ ਸਾਹਿਬ, 21 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ ਜਨਤਕ ਜਥੇਬੰਦੀਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ ਦੀ ਅਗਵਾਈ ਹੇਠ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਹੋਈ | ਜਿਸ ਵਿਚ ਵੱਖ-ਵੱਖ ਮਜ਼ਦੂਰ, ਮੁਲਾਜ਼ਮ, ਠੇਕਾ ਕਰਮੀ, ਵਿਦਿਆਰਥੀ ਜਥੇਬੰਦੀਆਂ ਨੇ ਸ਼ਮੂਲੀਅਤ ਕਰਕੇ ਬਿਜਲੀ ਬਿੱਲ 2025 ਤੇ ਬੀਜ ਬਿੱਲ 2025 ਨੂੰ ਵਾਪਸ ਲੈਣ, ਬੀਜ ਬਿੱਲ, ਜਨਤਕ ਖੇਤਰ ਦੇ ਨਿੱਜੀਕਰਨ ਤੇ ਸਰਕਾਰੀ ਤੇ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਵਿਰੁੱਧ ਅਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਇਕ ਵੱਡੀ ਜਨਤਕ ਲਾਮਬੰਦੀ ਕਰਦੇ ਹੋਏ ਸੰਘਰਸ਼ ਤੇਜ਼ ਕਰਨ ਲਈ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਵਾਉਣ ਲਈ 16 ਜਨਵਰੀ ਨੂੰ ਬਿਜਲੀ ਵਿਭਾਗ ਦੇ ਐਸ.ਈ. ਦਫਤਰਾਂ ਉੱਪਰ ਇਕ ਦਿਨ ਦੇ ਵਿਸ਼ਾਲ ਧਰਨੇ ਦੇਣ ਦੀ ਤਿਆਰੀ ਲਈ ਇਸ ਬਿੱਲ ਦੇ ਲੋਕਾਂ 'ਤੇ ਪੈਣ ਵਾਲੇ ਮਾਰੂ ਅਸਰਾਂ ਦੀ ਜਾਣਕਾਰੀ ਦਿੰਦਿਆਂ ਵਿਸ਼ਾਲ ਲਾਮਬੰਦੀ ਕੀਤੀ ਜਾਵੇਗੀ | ਇਸ ਮੌਕੇ ਬੀ.ਕੇ.ਯੂ. ਉਗਰਾਹਾਂ ਦੇ ਰਾਜਾ ਸਿੰਘ ਮਹਾਂਬੱਧਰ, ਗੁਰਚਰਨ ਸਿੰਘ ਗੰਧੜ, ਬੀ.ਕੇ.ਯੂ. ਰਾਜੇਵਾਲ ਦੇ ਆਗੂ ਗੋਬਿੰਦ ਸਿੰਘ ਕੋਟਲੀ ਦੇਵਨ, ਟੈਕਨੀਕਲ ਸਰਵਿਸ ਯੂਨੀਅਨ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਮਨਜਿੰਦਰ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਤਰਸੇਮ ਖੁੰਡੇ ਹਲਾਲ ਤੇ ਆਗੂ ਕਾਕਾ ਸਿੰਘ ਖੁੰਡੇ ਹਲਾਲ, ਪੈਨਸ਼ਨ ਐਸੋਸੀਏਸ਼ਨ ਮੁਕਤਸਰ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਹਰੀਕੇ ਕਲਾਂ, ਬੂਟਾ ਸਿੰਘ ਹਰਾਜ, ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਦੇ ਆਗੂ ਗੁਰਾਂਦਿੱਤਾ ਸਿੰਘ ਝਬੇਲਵਾਲੀ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਆਗੂ ਬਸੰਤ ਸਿੰਘ, ਜਲ ਸਪਲਾਈ ਯੂਨੀਅਨ ਦੇ ਬਲਜੀਤ ਸਿੰਘ ਭੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਨੂੰ ਜਨਤਕ ਸੇਵਾ ਦੀ ਥਾਂ ਮੰਡੀ ਦੀ ਵਸਤੂ ਬਣਾਉਣ ਦੇ ਇਰਾਦੇ ਨਾਲ ਲਿਆਂਦੇ ਜਾ ਰਹੇ ਬਿਜਲੀ ਬਿੱਲ 2025 ਨੂੰ ਆਮ ਲੋਕਾਂ ਵਿਰੁੱਧ ਮੋਦੀ ਸਰਕਾਰ ਵਲੋਂ ਵਿੱਢੇ ਕਾਰਪੋਰੇਟ ਪੱਖੀ ਹਮਲੇ ਦੀ ਅਗਲੀ ਕੜੀ ਵਜੋਂ ਸਮਝਦਿਆਂ ਇਸ ਨੂੰ ਵਾਪਸ ਕਰਵਾਉਣ ਲਈ ਜਨਤਕ ਲਾਮਬੰਦੀ ਲਈ ਵੱਡੇ ਪੱਧਰ 'ਤੇ 28 ਦਸੰਬਰ ਨੂੰ ਲੱਖੇਵਾਲੀ ਤੋਂ ਝੰਡਾ ਮਾਰਚ ਸ਼ੁਰੂ ਕਰਕੇ ਪਿੰਡ-ਪਿੰਡ ਕਸਬਿਆਂ ਅਤੇ ਸ਼ਹਿਰਾਂ 'ਚ ਮੋਟਰਸਾਈਕਲ ਮਾਰਚ ਕਰਦਿਆਂ ਰੈਲੀਆਂ ਕਰਕੇ ਜਨਤਕ ਲਾਮਬੰਦੀ ਕਰਕੇ 16 ਜਨਵਰੀ ਨੂੰ ਬਿਜਲੀ ਵਿਭਾਗ ਦੇ ਐਸ.ਈ. ਦਫਤਰ ਮੁਕਤਸਰ ਅੱਗੇ ਇਕ ਦਿਨ ਦਾ ਵਿਸ਼ਾਲ ਧਰਨਾ ਦਿੱਤਾ ਜਾਵੇਗਾ |