ਮਾਨਸਾ, 4 ਜੂਨ (ਸ.ਰਿ)- ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਸੂਬੇ 'ਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਤੇ ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸ਼ਿਫਾਰਿਸ਼ ਕੀਤੇ ਬੀ.ਟੀ. ਕਾਟਨ ਹਾਈਬਿ੍ਡ ਬੀਜ 'ਤੇ 33 ਫ਼ੀਸਦੀ ਸਬਸਿਡੀ ਲਈ ਆਨਲਾਈਨ ਪੋਰਟਲ 'ਤੇ ਅਪਲਾਈ ਕਰਨ ਦੀ ਮਿਆਦ ਵਿਚ ਵਾਧਾ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹੁਣ ਕਿਸਾਨ 15 ਜੂਨ ਸ਼ਾਮ 5 ਵਜੇ ਤੱਕ ਆਨਲਾਈਨ ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਪਿੰਡਾਂ ਵਿੱਚ ਤਕਨੀਕੀ ਕੈਂਪ ਲਗਾ ਕੇ ਨਰਮੇ ਦੀ ਫਸਲ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਨਰਮੇ ਦੀ ਫਸਲ ਦਾ ਰਕਬਾ ਵਧਾ ਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਆਨਲਾਈਨ ਪੋਰਟਲ 'ਤੇ ਰਜਿਸਟਰੇਸ਼ਨ/ਅਪਲਾਈ ਕਰਨ ਵਿਚ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਰ ਸਕਦਾ ਹੈ |