ਮਾਨਸਾ, 4 ਜੂਨ (ਸ.ਰਿ)- ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜ਼ਿਲ੍ਹਾ ਸਕੱਤਰ ਕਾ. ਸਵਰਨਜੀਤ ਸਿੰਘ ਦਲਿਓ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਆਮ ਲੋਕਾਂ ਦੀ ਸਰਕਾਰੇ-ਦਰਬਾਰੇ ਕੋਈ ਸੁਣਵਾਈ ਨਹੀਂ ਹੋ ਰਹੀ ਜਦਕਿ ਚਾਰ ਚੁਫੇਰੇ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ | ਇੱਥੇ ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ਲੁੱਟ ਖਸੁੱਟ ਵਿਰੁੱਧ ਆਵਾਜ਼ ਉਠਾਉਣ ਲਈ ਸਰਕਾਰ ਪੱਧਰ 'ਤੇ ਕੋਈ ਪਲੇਟਫ਼ਾਰਮ ਨਹੀਂ ਹੈ | ਉਨ੍ਹਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਮੌਕੇ ਜ਼ਿਲ੍ਹਾ ਅਤੇ ਸਬ-ਡਵੀਜਨ ਪੱਧਰ 'ਤੇ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਕੀਤਾ ਜਾਂਦਾ ਸੀ, ਜਿਸ ਵਿਚ ਸੱਤਾਧਾਰੀ ਧਿਰ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਮੈਂਬਰ ਲਿਆ ਜਾਂਦਾ ਸੀ ਅਤੇ ਇਹ ਮੈਂਬਰ ਸ਼ਿਕਾਇਤ ਕਮੇਟੀ 'ਚ ਆਪਣੀ ਆਵਾਜ਼ ਉਠਾਉਂਦੇ ਸਨ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਲਗਪਗ ਸ਼ਾਸਨ ਦਾ ਤਿਹਾਈ ਹਿੱਸਾ ਪੂਰਾ ਕਰ ਲਿਆ ਹੈ ਪਰ ਹਾਲੇ ਤੱਕ ਸ਼ਿਕਾਇਤ ਕਮੇਟੀਆਂ ਦਾ ਗਠਨ ਨਹੀਂ ਕੀਤਾ ਗਿਆ | ਕਾ. ਦਲਿਓ ਨੇ ਕਿਹਾ ਕਿ ਅਜਿਹਾ ਨਾ ਹੋਣਾ ਪੰਜਾਬ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲੀਆ ਚਿੰਨ੍ਹ ਹੈ | ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਤੁਰੰਤ ਗਠਨ ਕੀਤਾ ਜਾਵੇ |