ਮਾਨਸਾ, 2 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਟਾਈਪਿੰਗ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਨਿਯੁਕਤੀ ਪੱਤਰ ਦਿੱਤੇ ਜਾਣ | ਉਨ੍ਹਾਂ ਦਾ ਦੱਸਣਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫ਼ੈਸਲਾ ਵੀ ਉਨ੍ਹਾਂ ਦੇ ਹੱਕ 'ਚ ਆਇਆ ਸੀ, ਜਿਸ ਵਿਚ ਅਦਾਲਤ ਨੇ 4 ਮਹੀਨਿਆਂ 'ਚ ਨੌਕਰੀਆਂ ਦੇਣ ਲਈ ਕਿਹਾ ਸੀ ਪ੍ਰੰਤੂ ਹਾਲੇ ਤੱਕ ਪੰਜਾਬ ਸਰਕਾਰ ਨੇ ਨਿਯੁਕਤੀ ਪੱਤਰ ਨਹੀਂ ਦਿੱਤੇ | ਸਥਾਨਕ ਸ਼ਹਿਰ ਦੇ ਵਾਸੀ ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਨੀਰਜ ਕੁਮਾਰ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ 2013 'ਚ 1192 ਕਲਰਕਾਂ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਗਿਆ ਸੀ | 'ਅਜੀਤ' ਉਪ ਦਫ਼ਤਰ ਵਿਖੇ ਪਹੁੰਚੇ ਨੌਜਵਾਨਾਂ ਨੇ ਦੱਸਿਆ ਕਿ ਟਾਈਪਿੰਗ ਟੈਸਟ ਪਾਸ ਕਰਨ ਦੇ ਬਾਵਜੂਦ 150 ਉਮੀਦਵਾਰਾਂ ਨੂੰ ਇਹ ਕਹਿ ਕੇ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਕਿ ਉਨ੍ਹਾਂ ਨੇ ਕਿਸੇ ਬਾਹਰਲੇ ਰਾਜ ਤੋਂ ਡਿਸਟੈਂਸ ਮੋਡ ਰਾਹੀਂ ਡਿਗਰੀ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸੱਤਾ ਮਿਲਣ ਉਪਰੰਤ ਇਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਪ੍ਰੰਤੂ ਸਾਢੇ 3 ਸਾਲ ਬੀਤਣ ਦੇ ਬਾਅਦ ਅਤੇ ਅਦਾਲਤੀ ਫ਼ੈਸਲਾ ਵੀ ਉਨ੍ਹਾਂ ਦੇ ਹੱਕ 'ਚ ਆਉਣ ਦੇ ਬਾਵਜੂਦ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਰਹੇ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਟੈਸਟ ਪਾਸ ਕਰ ਚੁੱਕੇ ਬੇਰੁਜ਼ਗਾਰਾਂ ਨੂੰ ਤੁਰੰਤ ਨਿਯੁਕਤੀ ਪੱਤਰ ਦਿੱਤੇ ਜਾਣ |