ਮਾਨਸਾ, 3 ਸਤੰਬਰ (ਧਾਲੀਵਾਲ)- ਸੀਵਰੇਜ ਦੇ ਗੰਦੇ ਪਾਣੀ ਤੋਂ ਅੱਕੇ ਸਥਾਨਕ ਜਵਾਹਰਕੇ ਰੋਡ ਨੇੜੇ ਦਰਜੀਆਂ ਵਾਲੀ ਤੇ ਮਰਾਸਿਆਂ ਵਾਲੀ ਗਲੀ ਦੇ ਵਸਨੀਕਾਂ ਨੇ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਮੁਹੱਲਾ ਵਾਸੀ ਅਸ਼ੋਕ ਕੁਮਾਰ, ਰੋਹਿਤ ਕੁਮਾਰ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਗੰਦੇ ਪਾਣੀ ਨਾਲ ਜੂਝ ਰਹੇ ਹਨ ਪਰ ਇਸ ਪਾਸੇ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਧਿਆਨ ਨਹੀਂ ਦੇ ਰਿਹਾ | ਮੌਕੇ 'ਤੇ ਪਹੁੰਚੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਦੋਸ਼ ਲਗਾਇਆ ਕਿ ਸ਼ਹਿਰ 'ਚ ਗੰਦੇ ਪਾਣੀ ਦੀ ਨਿਕਾਸੀ ਲਈ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸ਼ਹਿਰੀ ਰੋਜ਼ਾਨਾ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਾਅਦੇ ਮੁਤਾਬਕ ਸ਼ਹਿਰ ਦੀ ਸੀਵਰੇਜ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਗੰਦੇ ਪਾਣੀ ਤੋਂ ਨਿਜਾਤ ਮਿਲ ਸਕੇ |