ਮਾਨਸਾ, 5 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਹੜ੍ਹਾਂ ਨੂੰ ਕੁਦਰਤੀ ਆਫ਼ਤ ਐਲਾਨਣ ਅਤੇ ਪੀੜਤ ਲੋਕਾਂ ਦੀ ਮਦਦ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਰੋਸ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਹੜ੍ਹਾਂ ਅਤੇ ਬਾਰਸ਼ਾਂ ਨਾਲ ਸੂਬੇ 'ਚ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ ਅਤੇ ਇਸ ਸਥਿਤੀ 'ਚੋਂ ਉੱਭਰਨ ਲਈ ਲੋਕਾਂ ਨੂੰ ਕਈ ਸਾਲ ਲੱਗ ਜਾਣਗੇ | ਅਜਿਹੇ ਵਿਚ ਕੇਂਦਰ ਤੇ ਪੰਜਾਬ ਸਰਕਾਰ ਨੂੰ ਪੀੜਤ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਬਾਰਸ਼ਾਂ ਨਾਲ ਨਰਮੇ ਦੀ ਫ਼ਸਲ ਬਰਬਾਦੀ ਦੇ ਕੰਢੇ 'ਤੇ ਪਹੁੰਚ ਚੁੱਕੀ ਹੈ | ਨੀਵੇਂ ਇਲਾਕਿਆਂ ਵਿਚ ਪਾਣੀ ਲਗਾਤਾਰ ਖੇਤਾਂ ਵਿਚ ਖੜ੍ਹਨ ਕਾਰਨ ਝੋਨੇ ਦੀ ਫ਼ਸਲ, ਹਰਾ ਚਾਰਾ, ਸਬਜ਼ੀਆਂ ਵੀ ਬਰਬਾਦ ਹੋ ਚੁੱਕੀਆਂ ਹਨ, ਜਿਸ ਲਈ ਸਰਕਾਰ ਤੁਰੰਤ ਮੁਆਵਜ਼ਾ ਦੇਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਹੜ੍ਹਾਂ ਕਾਰਨ ਹੋਈਆਂ ਮਨੁੱਖੀ ਜਾਨਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੇ ਨਾਲ ਹੀ ਜਿਨ੍ਹਾਂ ਲੋਕਾਂ ਦੇ ਪਾਲਤੂ ਪਸ਼ੂ, ਸਹਾਇਕ ਧੰਦਿਆਂ, ਘਰਾਂ, ਫ਼ਸਲਾਂ, ਜ਼ਮੀਨਾਂ ਦਾ ਨੁਕਸਾਨ ਹੋਇਆ ਹੈ, ਦੀ ਭਰਪਾਈ ਕੀਤੀ ਜਾਵੇ, ਸੜਕਾਂ, ਸਕੂਲਾਂ, ਹਸਪਤਾਲਾਂ ਅਤੇ ਹੋਰ ਸਾਂਝੀਆਂ ਥਾਵਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਵੀ ਫ਼ੰਡ ਜਾਰੀ ਕੀਤੇ ਜਾਣ | ਇਸ ਦੌਰਾਨ ਜਥੇਬੰਦੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਵੀ ਅਧਿਕਾਰੀਆਂ ਨੂੰ ਸੌਂਪੇ ਗਏ | ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਭੋਲਾ ਸਿੰਘ ਮਾਖਾ, ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ, ਕੁਲਦੀਪ ਸਿੰਘ ਚਚੋਹਰ ਆਦਿ ਹਾਜ਼ਰ ਸਨ |