ਮਾਨਸਾ, 23 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਝੋਨੇ ਦੇ ਸੀਜ਼ਨ ਦੌਰਾਨ ਮਾਨਸਾ ਜ਼ਿਲੇ੍ਹ 'ਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਜ਼ੀਰੋ ਟੀਚਾ ਮਿਥਿਆ ਗਿਆ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਲਗਾਤਾਰ ਕਾਰਜਸ਼ੀਲ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਬਲਕਿ ਇਸ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ | ਇਹ ਵਿਚਾਰ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਪਰਾਲੀ ਪ੍ਰਬੰਧਨ ਸਬੰਧੀ 4 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਪ੍ਰਗਟਾਏ | ਉਨ੍ਹਾਂ ਕਿਹਾ ਕਿ ਇਹ ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਪਿੰਡਾਂ 'ਚ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਅਤੇ ਪਰਾਲੀ ਨਾ ਸਾੜ ਕੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦਾ ਸੰਦੇਸ਼ ਦੇਣਗੀਆਂ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੀ ਲਾਜ਼ਮੀ ਹੈ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਤਕਨੀਕਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਦਾ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਬਾਰੇ ਮਾਰਗ ਦਰਸ਼ਨ ਕੀਤਾ ਜਾਵੇ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਪ੍ਰਸ਼ਾਸਨ ਨੂੰ ਸਹਿਯੋਗ ਕਰਨ | ਇਸ ਮੌਕੇ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ., ਆਕਾਸ਼ ਬਾਂਸਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਗੁਰਲੀਨ ਕੌਰ ਆਈ.ਏ.ਐਸ. (ਸਿਖਲਾਈ ਅਧੀਨ), ਅਜੀਤ ਪਾਲ ਸਿੰਘ ਐਸ.ਡੀ.ਐਮ. ਸਰਦੂਲਗੜ੍ਹ, ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫ਼ਸਰ ਆਦਿ ਹਾਜ਼ਰ ਸਨ |