ਮਾਨਸਾ, 25 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਪਿੰਡ ਭੈਣੀਬਾਘਾ ਵਿਖੇ ਕਿਸਾਨ ਸਿਖਲਾਈ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ ਕਿਉਂਕਿ ਪੰਜਾਬ ਸਰਕਾਰ ਪਰਾਲੀ ਦੀ ਸੰਭਾਲ ਲਈ ਹਰ ਤਰ੍ਹਾਂ ਦੇ ਉਪਰਾਲੇ ਕਰਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਹੌਟ ਸਪੌਟ ਪਿੰਡਾਂ 'ਚ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ 'ਤੇ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਤੀਬਾੜੀ ਵਿਭਾਗ ਵਲੋਂ ਖੇਤੀ ਮਸ਼ੀਨਰੀ ਉਪਦਾਨ 'ਤੇ ਮੁਹੱਈਆ ਕਰਵਾਈ ਗਈ ਹੈ ਅਤੇ ਪਿੰਡਾਂ ਵਿਚ ਕਿਸਾਨ ਵਾਰ ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਬੇਲਰ ਤੇ ਇੰਡਸਟਰੀ ਮਾਲਕ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ | ਉਨ੍ਹਾਂ ਕੈਂਪ ਦੌਰਾਨ ਪਿੰਡ ਦੀ ਪੰਚਾਇਤ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇ | ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੀਆਂ 5 ਪਰਾਲੀ ਪ੍ਰੋਟੈਕਸ਼ਨ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ, ਡਾ. ਗੁਰਲੀਨ ਕੌਰ, ਡਾ. ਚਮਨਦੀਪ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਹਰਮਨਦੀਪ ਸਿੰਘ, ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ, ਚਾਨਣ ਸਿੰਘ ਆਦਿ ਹਾਜ਼ਰ ਸਨ |