ਮਾਨਸਾ, 3 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ 'ਚ 2 ਨਵੰਬਰ ਤੱਕ 5 ਲੱਖ 40 ਹਜ਼ਾਰ 662 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 4 ਲੱਖ 84 ਹਜ਼ਾਰ 525 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖ਼ਰੀਦ ਕੀਤੇ ਝੋਨੇ ਦੀ ਹੁਣ ਤੱਕ 1074.98 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 1 ਲੱਖ 84 ਹਜ਼ਾਰ 587 ਮੀਟਰਿਕ ਟਨ, ਮਾਰਕਫੈੱਡ 1 ਲੱਖ 35 ਹਜ਼ਾਰ 120, ਪਨਸਪ 1 ਲੱਖ 10 ਹਜ਼ਾਰ 435, ਪੰਜਾਬ ਵੇਅਰ ਹਾਊਸ 54 ਹਜ਼ਾਰ 383 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ | ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਆਧੁਨਿਕ ਮਸ਼ੀਨਰੀ ਰਾਹੀਂ ਇਸ ਦਾ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ |