ਬੁਢਲਾਡਾ, 5 ਦਸੰਬਰ (ਸਵਰਨ ਸਿੰਘ ਰਾਹੀ)-ਇੱਥੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਬੁਢਲਾਡਾ ਦੀ ਮੀਟਿੰਗ ਬਲਾਕ ਪ੍ਰਧਾਨ ਜੁਗਰਾਜ ਸਿੰਘ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਕਿਸਾਨੀ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਕਿਸਾਨੀ ਨੂੰ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਹੀਲੇ ਵਰਤ ਰਹੀ ਹੈ ਤਾਂ ਜੋ ਜ਼ਮੀਨਾਂ 'ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਸਕੇ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਬਿੱਲ ਪਾਸ ਹੋਣ ਨਾਲ ਆਮ ਆਦਮੀ ਦੀ ਜੇਬ ਉੱਤੇ ਡਾਕਾ ਪਵੇਗਾ | ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਲਛਮਣ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਐੱਸ.ਕੇ.ਐਮ ਦੇ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਵਲੋਂ ਲਿਆਂਦੇ ਜਾਣ ਵਾਲੇ ਬਿਜਲੀ ਐਕਟ ਬਿੱਲ 2025 ਦੇ ਵਿਰੋਧ ਵਿਚ 8 ਦਸੰਬਰ ਨੂੰ 12 ਵਜੇ ਤੋਂ 3 ਵਜੇ ਤੱਕ ਬਿਜਲੀ ਵਿਭਾਗ ਦੇ ਐੱਸ.ਡੀ.ਓਜ਼ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ ਅਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ |