ਮਾਨਸਾ, 23 ਦਸੰਬਰ (ਸ.ਰਿ.)- ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜਨਵਰੀ ਵਿਚ ਲੱਗਣ ਵਾਲੇ ਕੈਂਪਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ 'ਚ ਜ਼ਿਲ੍ਹਾ ਸਿਹਤ ਸੁਸਾਇਟੀ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਪਿੰਡਾਂ ਵਿਚ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਤਿਆਰ ਕਰਨ ਦੇ ਨਿਰਦੇਸ਼ ਦਿੰਦਿਆਂ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ | ਡਿਪਟੀ ਮੈਡੀਕਲ ਕਮਿਸ਼ਨਰ ਮਯੰਕਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਵੇਂ ਸਾਲ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਹ ਕਾਰਡ ਬਣਾਉਣ ਲਈ ਪੰਜਾਬ ਦਾ ਵਸਨੀਕ ਹੋਣਾ ਲਾਜ਼ਮੀ ਹੈ, ਜਿਸ ਲਈ ਆਧਾਰ ਕਾਰਡ, ਵੋਟਰ ਕਾਰਡ ਆਦਿ ਲੋੜੀਂਦਾ ਹੈ | ਇਹ ਵੀ ਜ਼ਰੂਰੀ ਹੈ ਕਿ ਸਬੰਧਿਤ ਵਿਅਕਤੀ ਦਾ ਆਧਾਰ ਕਾਰਡ ਮੋਬਾਈਲ ਨੰਬਰ ਨਾਲ ਲਿੰਕ ਹੋਵੇ | ਇਸ ਯੋਜਨਾ ਤਹਿਤ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਹੋਵੇਗਾ | ਇਸ ਯੋਜਨਾ ਤਹਿਤ ਸੀ. ਐਸ. ਸੀ. ਸੈਂਟਰਾਂ 'ਚ ਕੈਂਪ ਲਗਾਏ ਜਾਣਗੇ | ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ |